ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਅਗਸਤ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਸਥਾਨਕ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ-ਜੇ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲੋਕ ਮਿਲਣੀ ਕਰਵਾਈ ਗਈ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਬਿੇੜਾ ਵੀ ਕਰਵਾਇਆ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਆਗੂ ਸੰਨੀ ਮਾਸਟਰ, ਨਗਰ ਨਿਗਮ ਦੇ ਐਸਸੀ ਰਜਿੰਦਰ ਗਰਗ, ਬਾਗ਼ਬਾਨੀ ਸ਼ਾਖਾ ਤੋਂ ਕ੍ਰਿਪਾਲ ਸਿੰਘ ਅਤੇ ਨਵੀਨ ਗੋਗਨਾ ਵੀ ਮੌਜੂਦ ਸਨ।
ਵਿਧਾਇਕ ਗੋਗੀ ਵੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਬਿਜਲੀ, ਪਾਣੀ, ਐਨਕ੍ਰੋਚਮੈਂਟ, ਸਟਰੀਟ ਲਾਈਟਾਂ ਆਦਿ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਲੋਕ ਮਿਲਣੀ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿੱਚੋਂ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ ਗਿਆ।
ਵਿਧਾਇਕ-ਪਬਲਿਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ- ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋ ਸਕਣ।