ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਅਪਰੈਲ
ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿੱਚ ਫਸੀ ਸਮਾਰਟ ਸਿਟੀ ਦੇ ਮਲਹਾਰ ਰੋਡ ਦੇ ਮੁੱਦੇ ’ਤੇ ਅੱਜ ਹਲਕਾ ਲੁਧਿਆਣਾ ਪੱਛਣੀ ਦੇ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਮਲਹਾਰ ਰੋਡ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਹੈ ਕਿ ਟਰੈਫਿਕ ਦੀ ਸਮੱਸਿਆ ਕਰਕੇ ਇਸ ਰੋਡ ਨੂੰ ਸਮਾਰਟ ਸਿਟੀ ਪ੍ਰਾਜੈਕਟ ਰੋਡ ਤਹਿਤ ਚੌੜ੍ਹਾ ਕੀਤਾ ਜਾਵੇ। ਇਸ ਤਹਿਤ ਉਨ੍ਹਾਂ ਵੱਲੋਂ ਅੱਜ ਨਿੱਜੀ ਤੌਰ ’ਤੇ ਇਲਾਕਾ ਵਾਸੀਆਂ ਅਤੇ ਦੁਕਾਨਦਾਰਾਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇੱਕ ਸਰਵੇ ਕੀਤਾ ਜਾਵੇਗਾ, ਜਿਸ ਦੇ ਮੱਦੇਨਜ਼ਰ ਲੋਕਾਂ ਦੀ ਜੋ ਮੰਗ ਹੋਵੇਗੀ, ਉਸ ਅਨੁਸਾਰ ਸਮਾਰਟ ਸਿਟੀ ਦੇ ਅੰਦਰ ਇਸ ਰੋਡ ਨੂੰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਨੂੰ ਇਸ ਤਰੀਕੇ ਨਾਲ ਚੌੜ੍ਹਾ ਕੀਤਾ ਜਾਵੇਗਾ ਕਿ ਲੋਕਾਂ ਨੂੰ ਆਉਣ ਜਾਣ ਲੱਗੇ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਦੁਕਾਨਦਾਰਾਂ ਨੂੰ ਵੀ ਪਾਰਕਿੰਗ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਜਿਹੜੇ ਵੀ ਫ਼ੈਸਲੇ ਹੋਣਗੇ ਉਹ ਲੋਕਾਂ ਦੀ ਸਲਾਹ ਅਤੇ ਲੋਕਾਂ ਦੀ ਮੰਗ ਅਨੁਸਾਰ ਹੀ ਲਏ ਜਾਣਗੇ।
ਉਨ੍ਹਾਂ ਕਿਹਾ ਕਿ ਸੜਕ ’ਤੇ ਜਿਹੜੇ ਇਲੈਕਟ੍ਰੀਕਲ ਬੋਰਡ ਲੱਗੇ ਹਨ, ਉਨ੍ਹਾਂ ਦਾ ਵੀ ਹੱਲ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹਮੇਸ਼ਾ ਲੋਕਾਂ ਦੀ ਸਲਾਹ ਅਨੁਸਾਰ ਚੱਲਿਆ ਜਾਵੇਗਾ ਅਤੇ ਲੋਕਾਂ ਨੂੰ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।