ਲੁਧਿਆਣਾ (ਖੇਤਰੀ ਪ੍ਰਤੀਨਿਧ): ਹਲਕਾ ਲੁਧਿਆਣਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਅਤੇ ਕੂੜਾ ਡੰਪ ਦਾ ਮੁੱਦਾ ਚੁੱਕਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਬੁੱਢੇ ਨਾਲੇ ਦਾ ਨਵੀਨੀਕਰਨ, ਨਹਿਰ ਅਧਾਰਿਤ ਜਲ ਸਪਲਾਈ ਸਮੇਤ ਵੱਖ-ਵੱਖ ਸਕੀਮਾਂ ਲਈ 1100 ਕਰੋੜ ਰੁਪਏ ਦੀ ਰਾਸ਼ੀ ਦੀ ਤਜਵੀਜ਼ ਰੱਖੀ ਹੈ। ਸ੍ਰੀ ਗਰੇਵਾਲ ਨੇ ਦੱਸਿਆ ਕਿ ਵਿਧਾਨ ਸਭਾ ਸਪੀਕਰ ਵੱਲੋਂ ਬੁੱਢੇ ਨਾਲੇ ਦੇ ਨਵੀਨੀਕਰਨ ਸਬੰਧੀ ਇੱਕ ਨਿਗਰਾਨ ਕਮੇਟੀ ਦਾ ਵੀ ਗਠਨ ਕੀਤਾ ਜਾ ਰਿਹਾ ਹੈ ਜੋ ਇਸ ਪ੍ਰਾਜੈਕਟ ਵਿੱਚ ਪਾਰਦਰਸ਼ਤਾ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ’ ਨਾਂ ਦਾ ਇੱਕ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਹਲਕਾ ਪੂਰਬੀ ਵਿੱਚ 50 ਹਜ਼ਾਰ ਬੂਟੇ ਅਤੇ 115 ਤ੍ਰਿਵੈਣੀਆਂ ਲਾਈਆਂ ਜਾਣਗੀਆਂ।