ਵਿਧਾਇਕ ਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਡਾਕਘਰ ਤੋਂ ਪ੍ਰਾਇਮਰੀ ਸਕੂਲ ਨੰਬਰ 1 ਤੱਕ ਸੀਵਰੇਜ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ੍ਰੀ ਦਿਆਲਪੁਰਾ ਨੇ 18 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕਾਰਜ ਸਬੰਧੀ ਨੀਂਹ ਪੱਥਰ ਤੋਂ ਪਰਦਾ ਹਟਾਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਵਲੋਂ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਜੋ ਯਤਨ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਪਿਛਲੇ 15 ਸਾਲ ਤੋਂ ਡਾਕਘਰ ਤੋਂ ਲੈ ਕੇ ਪ੍ਰਾਇਮਰੀ ਸਕੂਲ ਵਾਲੀ ਸੜਕ ’ਤੇ ਖੜ੍ਹਦੇ ਬਰਸਾਤੀ ਪਾਣੀ ਤੋਂ ਲੋਕ ਕਾਫ਼ੀ ਪ੍ਰੇਸ਼ਾਨ ਸਨ ਕਿਉਂਕਿ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ਤੋਂ ਗੁਜ਼ਰਨ ਵਾਲੇ ਸਕੂਲੀ ਬੱਚੇ ਅਤੇ ਗੁਰੂ ਕਾਲੋਨੀ ਨੂੰ ਜਾਣ ਵਾਲੇ ਸ਼ਹਿਰ ਵਾਸੀਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਮੰਗ ਦੇ ਮੱਦੇਨਜ਼ਰ ਹੁਣ 18 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਕੰਮ ਮੁਕੰਮਲ ਹੋਣ ਮਗਰੋਂ ਡਾਕਘਰ ਤੋਂ ਗੁਰੋਂ ਕਲੋਨੀ ਤੱਕ ਨਵੀਂ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਵਿਕਰਮਜੀਤ ਸਿੰਘ, ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਜਗਮੀਤ ਸਿੰਘ ਮੱਕੜ, ਅਮਨਦੀਪ ਸਿੰਘ ਤਨੇਜਾ, ਰਵਿੰਦਰਜੀਤ ਕੌਰ, ਪ੍ਰਕਾਸ਼ ਕੌਰ, ਕਿਸ਼ੋਰ ਕੁਮਾਰ (ਸਾਰੇ ਕੌਂਸਲਰ), ਅਰਵਿੰਦਰਪਾਲ ਸਿੰਘ ਵਿੱਕੀ, ਨਿਰੰਜਣ ਸਿੰਘ ਨੂਰ, ਪ੍ਰਵੀਨ ਮੱਕੜ, ਨਿਰਮਲ ਸਿੰਘ, ਜਸਵੀਰ ਸਿੰਘ ਭੱਟੀਆਂ ਵਾਲੇ ਵੀ ਮੌਜੂਦ ਸਨ।
