ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਸਤੰਬਰ
ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਨੇ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਿਲ ਨਾ ਕਰਨ ’ਤੇ ਰੋਸ ਪ੍ਰਗਟ ਕੀਤਾ ਹੈ। ਅੱਜ ਇੱਥੇ ਰਾਕੇਸ਼ ਪਾਂਡੇ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੰਤਰੀ ਮੰਡਲ ਦੇ ਗਠਨ ਸਮੇਂ ਹਾਈਕਮਾਨ ਨੇ ਵਿਧਾਇਕਾਂ ਦੀ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਮਰਹੂਮ ਜੋਗਿੰਦਰਪਾਲ ਪਾਂਡੇ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਸ਼ਹਾਦਤ ਦਿੱਤੀ ਸੀ ਪਰ ਹਾਈਕਮਾਨ ਵੱਲੋਂ ਉਨ੍ਹਾਂ ਦੀ ਕੁਰਬਾਨੀ ਨੂੰ ਵੀ ਅਣਦੇਖਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਟਕਸਾਲੀਆਂ ਨੂੰ ਖੁੱਡੇ ਲਾਈਨ ਲਗਾਇਆ ਗਿਆ ਹੈ।