ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਅਪਰੈਲ
ਹਲਕਾ ਗਿੱਲ ਤੋਂ ‘ਆਪ’ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ ਪਿੰਡ ਜੱਸੀਆਂ ਦੇ ਸੀਵਰੇਜ ਤੇ ਗਲੀ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰਾਜੈਕਟ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਉਦਘਾਟਨ ਮੌਕੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਪਿੰਡਾਂ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ, ਜਿਸਦੇ ਤਹਿਤ ਅੱਜ ਗਰੀਨ ਇਨਕਲੇਵ ਤੋਂ ਸੰਨ ਸਿਟੀ ਅਤੇ ਈਸਟ ਗਾਰਡਨ ਜੱਸੀਆਂ ਤੱਕ ਸੀਵਰੇਜ ਤੇ ਗਲੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਪਿੰਡ ਦੇ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਦੇ ਵਸਨੀਕਾਂ ਵੱਲੋਂ ਪਿੰਡ ਪਹੁੰਚਣ ’ਤੇ ਵਿਧਾਇਕ ਦਾ ਸਵਾਗਤ ਕੀਤਾ। ਸਰਪੰਚ ਹਰਜੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਸੰਗੋਵਾਲ ਵੱਲੋਂ ਪਿੰਡ ਵਾਲਿਆਂ ਦੀ ਚਿਰੌਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸੰਗੋਵਾਲ ਵੱਲੋਂ ਆਪਣੀ ਅਣਥੱਕ ਮਿਹਨਤ ਸਦਕਾ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ।