ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਾਣਾ, 22 ਜੂਨ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ-ਤਹਿਸੀਲ ਗਿੱਲ ਵਿੱਚ ਅੱਜ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਹੱਥੋ-ਹੱਥ ਰਜਿਸਟਰੀਆਂ ਵੀ ਸੌਂਪੀਆਂ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਸਬ-ਤਹਿਸੀਲ ਗਿੱਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਵੀ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੂੰ ਰਜਿਸਟਰੀ ਕਰਵਾਉਣ ਤੋਂ ਬਾਅਦ ਹੱਥੋ-ਹੱਥ ਰਜਿਸਟਰੀਆਂ ਵੀ ਸੌਂਪੀਆਂ ਗਈਆਂ, ਅਕਸਰ ਜਿਹੜੀਆਂ ਖਰੀਦਦਾਰ ਨੂੰ ਟਾਲ-ਮਟੋਲ ਕਰਕੇ ਕੁੱਝ ਦਿਨਾਂ ਬਾਅਦ ਦਿੱਤੀਆਂ ਜਾਂਦੀਆਂ ਸਨ।ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਲਈ ਬਿਜਲੀ, ਪਾਣੀ ਤੇ ਬੈਠਣ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਸਨੀਕਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇ ਤੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।