ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 30 ਸਤੰਬਰ
ਲਾਲ ਝੰਡਾ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਪਿੰਡ ਅੱਚਰਵਾਲ ਵਿਚ ਮੰਗਣ ਦੇ ਬਾਵਜੂਦ ਕੰਮ ਨਾ ਮਿਲਣ ਕਾਰਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰਮੀ ਨੇ ਦੋਸ਼ ਲਾਇਆ ਕਿ ਬੀਡੀਪੀਓ ਰਾਏਕੋਟ ਲਿਖਤੀ ਰੂਪ ਵਿਚ ਮੰਗਣ ਦੇ ਬਾਵਜੂਦ ਪਿੰਡਾਂ ਦੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਤੋਂ ਟਾਲ-ਮਟੋਲ ਕਰਦੇ ਹਨ ਅਤੇ ਰਾਏਕੋਟ ਬਲਾਕ ਦੇ ਦਫ਼ਤਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਜਾਣ-ਬੁੱਝ ਕੇ ਮਜ਼ਦੂਰਾਂ ਨੂੰ ਖੱਜਲ ਕੀਤਾ ਜਾ ਰਿਹਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰ ਵੱਲੋਂ ਮੰਗ ਕਰਨ ’ਤੇ ਦੋ ਹਫ਼ਤੇ ਵਿੱਚ ਕੰਮ ਜਾਂ ਬੇਰੁਜ਼ਗਾਰੀ ਭੱਤਾ ਦੇਣ ਦੀ ਗਾਰੰਟੀ ਦਾ ਕਾਨੂੰਨ ਹੈ, ਪਰ ਅਧਿਕਾਰੀ ਜਾਣ-ਬੁੱਝ ਕੇ ਮਜ਼ਦੂਰਾਂ ਨਾਲ ਵਿਤਕਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਅੱਚਰਵਾਲ ਦੇ ਮਜ਼ਦੂਰਾਂ ਨੂੰ ਮੰਗਣ ਦੇ ਬਾਵਜੂਦ ਇੱਕ ਮਹੀਨੇ ਤੋਂ ਕੰਮ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਬਲਾਕ ਵਿਕਾਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਮਜ਼ਦੂਰਾਂ ਦੇ ਸਬਰ ਦਾ ਇਮਤਿਹਾਨ ਨਾ ਲੈਣ।