ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 2 ਸਤੰਬਰ
ਨਸ਼ਿਆਂ ਖ਼ਿਲਾਫ਼ ਲਾਮਬੰਦੀ ਤਹਿਤ ਭਾਕਿਯੂ (ਉਗਰਾਹਾਂ) ਬਲਾਕ ਰਾਏਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ ਵਿੱਚ ਔਰਤਾਂ, ਨੌਜਵਾਨਾਂ ਤੇ ਕਿਸਾਨਾਂ ਨੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਸਮੇਤ ਡੀਐੱਸਪੀ ਰਛਪਾਲ ਸਿੰਘ ਢੀਂਡਸਾ ਨਾਲ ਮੀਟਿੰਗ ਦੌਰਾਨ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਮੰਗ ਕੀਤੀ ਹੈ। ਡੀਐੱਸਪੀ ਢੀਂਡਸਾ ਨੇ ਨਸ਼ਿਆਂ ਦੀ ਰੋਕਥਾਮ ਲਈ ਸਹਿਯੋਗ ਤੇ ਤਸਕਰਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ।
ਕਿਸਾਨ-ਮਜ਼ਦੂਰ ਜਥੇਬੰਦੀਆਂ ਤੋਂ ਇਲਾਵਾ ਪਿੰਡਾਂ ਦੇ ਲੋਕਾਂ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਮਗਰੋਂ ਸਰਗਰਮ ਹੋਈ ਰਾਏਕੋਟ ਸਦਰ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਦੋ ਕੇਸ ਦਰਜ ਕਰਕੇ ਕਾਰਵਾਈ ਵਿੱਢ ਦਿੱਤੀ ਹੈ। ਰਾਏਕੋਟ ਦੇ ਡੀਐੱਸਪੀ ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਜਲਾਲਦੀਵਾਲ ਪੁਲੀਸ ਚੌਕੀ ਦੇ ਇੰਚਾਰਜ ਥਾਣੇਦਾਰ ਗੁਲਾਬ ਸਿੰਘ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ ਫੜੇ ਲਖਵਿੰਦਰ ਸਿੰਘ ਕਾਕਾ ਵਾਸੀ ਰਾਏਕੋਟ ਤੋਂ ਮਿਲੀ ਜਾਣਕਾਰੀ ਬਾਅਦ ਪਿੰਡ ਬੁਰਜ ਹਰੀ ਸਿੰਘ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਕੋਲੋਂ ਅੱਧਾ ਗਰਾਮ ਹੈਰੋਇਨ ਅਤੇ 145 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਇਸ ਸਬੰਧੀ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਕਾਰਵਾਈ ਅਰੰਭ ਦਿੱਤੀ ਗਈ ਹੈ। ਉੱਧਰ ਸਦਰ ਪੁਲੀਸ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਉਸ ਦੀ ਮਾਂ ਸੋਨੀ ਨੂੰ ਪਿੰਡ ਸੀਲੋਆਣੀ ਲਾਗੇ 300 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਕੇਸ ਦਰਜ ਕਰ ਲਿਆ ਹੈ। ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਜਥਾ ਮਾਰਚ ਕੱਢ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਜਾਵੇਗਾ।