ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 4 ਅਗਸਤ
ਔਰਤ ਮੁਕਤੀ ਲਹਿਰ ਦੀ ਪ੍ਰਤੀਕ ਸ਼ਹੀਦ ਕਿਰਨਜੀਤ ਕੌਰ ਦੀ 25ਵੀਂ ਬਰਸੀ ਮੌਕੇ ਹੋਣ ਵਾਲੇ ਸਮਾਗਮ ’ਚ ਇਲਾਕੇ ’ਚੋਂ ਭਰਵੀਂ ਸ਼ਮੂਲੀਅਤ ਲਈ ਪਿੰਡਾਂ ’ਚ ਲਾਮਬੰਦੀ ਮੁਹਿੰਮ ਜਾਰੀ ਹੈ। ਬੀਕੇਯੂ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ 12 ਅਗਸਤ ਨੂੰ ਐਕਸ਼ਨ ਕਮੇਟੀ ਦੇ ਸੱਦੇ ’ਤੇ ਬਰਸੀ ਸਮਾਗਮ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ’ਚ ਕਿਰਨਜੀਤ ਕਤਲਕਾਂਡ ਵਿਰੋਧੀ ਲੰਮਾ ਤੇ ਸ਼ਾਨਾਮੱਤਾ ਸੰਘਰਸ਼ ਸੰਸਾਰ ਭਰ ਦੇ ਸੰਘਰਸ਼ਸ਼ੀਲ ਲੋਕਾਂ ਲਈ ਇਕ ਚਾਨਣ ਮੁਨਾਰੇ ਦਾ ਚਿੰਨ੍ਹ ਬਣਿਆ ਰਹੇਗਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਵਿੱਚ ਦਿੱਤੇ ਜਾ ਰਹੇ ਦੇਸ਼ ਪੱਧਰ ਦੇ ਤਿੰਨ ਰੋਜ਼ਾ ਰੋਸ ਧਰਨੇ ’ਚ ਜ਼ਿਲ੍ਹੇ ਵੱਲੋਂ ਵੱਡੀ ਗਿਣਤੀ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ। ਇਕ ਵੱਖਰੇ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਮੁਆਵਜ਼ੇ ਅਤੇ ਨੌਕਰੀ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ, ਫ਼ਸਲਾਂ ਦੇ ਖਰਾਬੇ ਦਾ ਮੁਆਵਜਾ ਦੇਣ ਦੀ ਜ਼ੋਰਦਾਰ ਮੰਗ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਹੰਬੜਾ, ਸਰਬਜੀਤ ਸਿੰਘ ਗਿੱਲ, ਤਾਰਾ ਸਿੰਘ ਅੱਚਰਵਾਲ, ਹਰਜੀਤ ਸਿੰਘ ਜਨੇਤਪੁਰਾ, ਤਰਨਜੀਤ ਸਿੰਘ ਮੌਜੂਦ ਸਨ।