ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 9 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 11 ਤੋਂ 13 ਸਤੰਬਰ ਨੂੰ ਦਿੱਤੇ ਜਾ ਰਹੇ ਦਿਨ ਰਾਤ ਦੇ ਧਰਨਿਆਂ ਦੀ ਤਿਆਰੀ ਲਈ ਕਿਸਾਨ ਜਥੇਬੰਦੀਆਂ ਨੇ ਲਾਮਬੰਦੀ ਵਿੱਢ ਦਿੱਤੀ ਹੈ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਇਥੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਇਨ੍ਹਾਂ ਆਗੂਆਂ ਨੇ ਹਰੇਕ ਜਥੇਬੰਦੀ ਨੂੰ ਪੂਰੀ ਸਮਰੱਥਾ ਅਨੁਸਾਰ ਲਾਮਬੰਦੀ ਕਰਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਆ। ਮੀਟਿੰਗ ’ਚ ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਕਰਮਜੀਤ ਸਿੰਘ ਕਾਉਂਕੇ ਕਲਾਂ, ਕੁੱਲ ਹਿੰਦ ਕਿਸਾਨ ਸਭਾ ਵਲੋਂ ਬਲਦੇਵ ਸਿੰਘ ਲਤਾਲਾ, ਬੀਕੇਯੂ ਏਕਤਾ (ਡਕੌਂਦਾ) ਦੇ ਸਕੱਤਰ ਇੰਦਰਜੀਤ ਧਾਲੀਵਾਲ ਸਮੇਤ ਪੰਜਾਬ ਕਿਸਾਨ ਯੂਨੀਅਨ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਤੇ ਸੰਯੁਕਤ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਇਹ ਧਰਨਾ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੇ ਦਫ਼ਤਰ ਦੇ ਸਾਹਮਣੇ ਲਾਇਆ ਜਾਵੇਗਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਇਕੱਤਰਤਾ ਇਥੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਤਿੰਨ ਰੋਜ਼ਾ ਧਰਨਿਆਂ ‘ਚ ਵੱਧ ਚੜ੍ਹ ਕੇ ਸ਼ਮੂਲੀਅਤ ਦਾ ਅਹਿਦ ਲਿਆ ਗਿਆ। ਆਗੂਆਂ ਨੇ ਦੱਸਿਆ ਕਿ ਸੂਬੇ ਭਰ ’ਚ ਭਾਜਪਾ ਅਤੇ ‘ਆਪ’ ਦੇ ਲੀਡਰਾਂ, ਵਿਧਾਇਕਾਂ, ਮੰਤਰੀਆਂ ਤੇ ਸੰਸਦ ਮੈਂਬਰਾਂ ਦੇ ਘਰਾਂ ਦਫ਼ਤਰਾਂ ਮੂਹਰੇ ਦਿੱਤੇ ਜਾ ਰਹੇ ਧਰਨਿਆਂ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਵੱਖ-ਵੱਖ ਬਲਾਕਾਂ ਦੀਆਂ ਇਕਾਈਆਂ ਦੇ ਆਗੂਆਂ ਦੀ ਇਸ ਸਬੰਧੀ ਡਿਊਟੀ ਲਾਈ ਜਾ ਚੁੱਕੀ ਹੈ।