ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 21 ਮਈ
ਇੱਥੋਂ ਦੀ ਰੇਲਵੇ ਪਾਰਕ ’ਚ ਕਿਸਾਨ ਸੰਘਰਸ਼ ਮੋਰਚਾ ਦੇ 233ਵੇਂ ਦਿਨ ’ਚ ਦਾਖ਼ਲ ਹੋਣ ਸਮੇਂ ਮੋਦੀ ਹਕੂਮਤ ਨੂੰ ਚੇਤਾਵਨੀ ਦਿੱਤੀ ਗਈ ਕਿ ਇਹ ਸੰਘਰਸ਼ ਤਿੰਨੇ ਕਾਲੇ ਕਾਨੂੰਨਾਂ ਸਮੇਤ ਬਿਜਲੀ ਐਕਟ-2020 ਦੇ ਖ਼ਾਤਮੇ ਤੱਕ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਨਿਰਮਲ ਸਿੰਘ ਭਮਾਲ ਨੇ ਕਿਹਾ ਕਿ 26 ਮਈ ਨੂੰ ਹਰ ਘਰ, ਵਾਹਨ ਅਤੇ ਦੁਕਾਨ ’ਤੇ ਕਾਲਾ ਝੰਡਾ ਲਹਿਰਾਉਣ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ। ਉਸ ਦਿਨ ਸਾਰੇ ਪਿੰਡਾਂ ’ਚ ਮੋਦੀ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬਿਆਨ ’ਚ ਕੋਈ ਅੰਤਰ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਦੁਨੀਆਂ ਭਰ ’ਚ ਆਜ਼ਾਦੀ ਦੀ ਚਾਹਤ ਮੂਹਰੇ ਕੋਈ ਸ਼ਕਤੀਸ਼ਾਲੀ ਤਾਕਤ ਅੱਜ ਤਕ ਟਿਕ ਨਹੀਂ ਸਕੀ, ਟਿਕਣਾ ਮੋਦੀ ਸਰਕਾਰ ਨੇ ਵੀ ਨਹੀਂ ਹੈ। ਜ਼ਮੀਨਾਂ ਅਤੇ ਖੇਤੀ ਬਚਾਉਣ ਦੀ ਚਾਹਤ ਦਾ ਸੰਘਰਸ਼ ਜਲਦ ਹੀ ਜਿੱਤ ਦਾ ਇਤਿਹਾਸ ਰਚੇਗਾ। ਉਨ੍ਹਾਂ ਦੱਸਿਆ ਕਿ 28 ਮਈ ਤੋਂ 10 ਜੂਨ ਤੱਕ ਇਕ ਵਾਰ ਫੇਰ ਸਾਰੇ ਪਿੰਡਾਂ ’ਚੋਂ ਕਾਫ਼ਲੇ ਦਿੱਲੀ ਵੱਲ ਕੂਚ ਕਰਨਗੇ।
ਇਸ ਤੋਂ ਇਲਾਵਾ ਚੌਕੀਮਾਨ ਟੌਲ ’ਤੇ ਵੀ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਜਥੇਬੰਦੀਆਂ ਦੇ ਸੱਦੇ ’ਤੇ ਧਰਨਾ ਜਾਰੀ ਰਿਹਾ। ਇਕੱਤਰ ਅੰਦੋਲਨਕਾਰੀ ਸੰਗਤ ਨੂੰ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਕਾਮਾਗਾਟਾ ਯਾਦਗਰੀ ਕਮੇਟੀ ਦੇ ਪ੍ਰਮੁੱਖ ਆਗੂ ਜਸਦੇਵ ਸਿੰਘ ਲਲਤੋਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਨੇ ਸੰਬੋਧਨ ਕੀਤਾ।
ਖੰਨਾ ਰੇਲਵੇ ਸਟੇਸ਼ਨ ’ਤੇ ਕਿਸਾਨ ਮੋਰਚਾ ਜਾਰੀ
ਖੰਨਾ (ਜੋਗਿੰਦਰ ਸਿੰਘ ਓਬਰਾਏ): ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇੱਥੇ ਰੇਲਵੇ ਸਟੇਸ਼ਨ ਦੇ ਬਾਹਰ ਆਰੰਭਿਆ ਸੰਘਰਸ਼ 234ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਹਰਜਿੰਦਰ ਸਿੰਘ ਰਤਨਹੇੜੀ ਅਤੇ ਅਮਨਦੀਪ ਵਰਮਾ ਅਮਰਗੜ੍ਹ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਸੱਤ ਸਾਲਾਂ ਦੇ ਰਾਜ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਸੱਚ ਬੋਲਣ ਵਾਲੇ ਝੂਠੇ ਕੇਸ ਬਣਾ ਕੇ ਜੇਲ੍ਹਾਂ ਵਿਚ ਡੱਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਇਸ ਡਰ ਕਰ ਕੇ ਪਿੱਛੇ ਹੱਟਣ ਵਾਲਾ ਨਹੀਂ। ਉਨ੍ਹਾਂ ਕਿਹਾ ਕਣਕ ਦੀ ਵਾਢੀ ਮਗਰੋਂ ਕਿਸਾਨ ਮੋਰਚਾ ਚੜ੍ਹਦੀ ਕਲਾ ਵਿਚ ਹੈ। ਕਿਸਾਨ ਖੇਤੀ ਕਾਨੂੰਨ ਵਾਪਸ ਕਰਵਾਏ ਬਿਨਾਂ ਬਾਰਡਰ ਖਾਲੀ ਨਹੀਂ ਕਰਨਗੇ। ਉਪਰੋਕਤ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਘਰ ਘਰ ਜਾ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੁਣ ਇਸ ਅੰਦੋਲਨ ਵਿਚ ਹਰ ਵਰਗ ਦੇ ਲੋਕ ਜਾਤ, ਧਰਮ ਤੋਂ ਉੱਪਰ ਉੱਠ ਕੇ ਇਕ ਪਲੇਟ ਫ਼ਾਰਮ ਤੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਰੋਜ਼ਾਨਾ ਵਧਾਏ ਜਾ ਰਹੇ ਪੈਟਰੋਲ-ਡੀਜ਼ਲ ਦੇ ਭਾਅ ਰੋਕਣ ਦੀ ਮੰਗ ਕੀਤੀ। ਇਸ ਮੌਕੇ ਹਰਮਿੰਦਰ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ, ਰਛਪਾਲ ਸਿੰਘ, ਜਗਜੀਤ ਸਿੰਘ, ਬੁੱਧ ਸਿੰਘ, ਦਵਿੰਦਰ ਸਿੰਘ, ਕਰਨੈਲ ਸਿੰਘ, ਅਮਰਦੀਪ ਸਿੰਘ, ਦੀਦਾਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਗੁਰਮੇਲ ਸਿੰਘ, ਜਗਰੂਪ ਸਿੰਘ ਹਾਜ਼ਰ ਸਨ।
ਕੇਂਦਰ ਸਰਕਾਰ ’ਤੇ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਦਾ ਦੋਸ਼
ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਦਾ ਲੜੀਵਾਰ ਧਰਨਾ 141ਵੇਂ ਦਿਨ ਵੀ ਜਾਰੀ ਰਿਹਾ। ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਧਰਨੇ ਦੀ ਅਗਵਾਈ ਕੁਲਜੀਤ ਕੌਰ ਗਰੇਵਾਲ, ਜਸਪ੍ਰੀਤ ਕੌਰ ਅਤੇ ਸੁਖਵਿੰਦਰ ਕੌਰ ਨੇ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋ ਨੇ ਕਿਹਾ ਕਿ ਮੋਦੀ ਹਕੂਮਤ ਆਪਣੇ ਕਾਰਪੋਰੇਟ ਘਰਾਣਿਆਂ ਦੇ ਮਿੱਤਰਾਂ ਦਾ ਘਰ ਭਰਨ ਲਈ ਜਨਤਕ ਖੇਤਰ ਨੂੰ ਤਬਾਹ ਕਰਨ ਲਈ ਨਿੱਜੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ। ਖੇਤੀ ਕਾਨੂੰਨ ਵੀ ਇਸੇ ਲੜੀ ਦਾ ਹਿੱਸਾ ਹੈ। ਕਿਸਾਨ ਆਗੂਆਂ ਨੇ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ। ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ, ਨੌਜਵਾਨ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਵੀ ਸੰਬੋਧਨ ਕੀਤਾ। ਲੁਧਿਆਣਾ-ਬਠਿੰਡਾ ਮਾਰਗ ਦੇ ਹਿੱਸੋਵਾਲ ਟੌਲ ਪਲਾਜ਼ਾ ਉੱਪਰ ਵੀ ਧਰਨਾ ਜਾਰੀ ਰਿਹਾ।