ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 9 ਜੁਲਾਈ
ਹੰਕਾਰੀ ਹੋਈ ਮੋਦੀ ਹਕੂਮਤ ਦੇ ਗਲਤ ਫ਼ੈਸਲਿਆਂ ਅਤੇ ਪਾਦਰੀ ਸਟੈਨ ਸਵਾਮੀ ਦੀ ਮੌਤ ਕਰਕੇ ਦੁਨੀਆਂ ਭਰ ’ਚ ਦੇਸ਼ ਦੀ ਭੰਡੀ ਹੋਈ ਹੈ। ਇਸ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਮੋਦੀ ਸਰਕਾਰ ਨੂੰ ਸਬਕ ਸਿੱਖਣਾ ਚਾਹੀਦਾ ਹੈ। ਆਦਿਵਾਸੀਆਂ ਲਈ ਲੜਨ ਵਾਲੇ ਸਵਾਮੀ ਦੀ 84 ਸਾਲ ਦੀ ਉਮਰ ’ਚ ਹੋਈ ਮੌਤ ਨੂੰ ਲੈ ਕੇ ਅਮਰੀਕਾ ਦੀ ਸੰਘੀ ਸੰਸਥਾ ਨੇ ਮੋਦੀ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਜਾਣਬੁੱਝ ਕੇ ਕੀਤੀ ਗਈ ਅਣਗਹਿਲੀ ਕਾਰਨ ਪਾਦਰੀ ਦੀ ਮੌਤ ਹੋਈ। ਫਰਾਂਸੀਸੀ ਅਦਾਲਤ ’ਚ ਪੈਰਿਸ ਸਥਿਤ 20 ਭਾਰਤੀ ਸਰਕਾਰੀ ਸੰਪਤੀਆਂ ਜ਼ਬਤ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਇਹ ਪ੍ਰਗਟਾਵਾ ਇਥੇ ਚੱਲ ਕਿਸਾਨ ਕਿਸਾਨ ਸੰਘਰਸ਼ ਮੋਰਚੇ ਦੇ 283ਵੇਂ ਦਿਨ ਕਿਸਾਨ ਆਗੂਆਂ ਨੇ ਕੀਤਾ। ਲੋਕ ਆਗੂ ਕੰਵਲਜੀਤ ਖੰਨਾ, ਬੀਕੇਯੂ ਏਕਤਾ ਡਕੌਂਦਾ ਦੇ ਆਗੂ ਗੁਰਪ੍ਰੀਤ ਸਿੰਘ ਸਿੱਧਵਾਂ, ਇੰਦਰਜੀਤ ਧਾਲੀਵਾਲ, ਧਰਮ ਸਿੰਘ ਸੂਜਾਪੁਰ, ਮਹਿੰਦਰ ਸਿੰਘ ਕਮਾਲਪੁਰਾ, ਨਿਰਮਲ ਸਿੰਘ ਭਮਾਲ ਤੇ ਹੋਰਾਂ ਨੇ ਕਿਹਾ ਕਿ ਮੋਦੀ ਹਕੂਮਤ ਨੇ ਵਜ਼ਾਰਤ ’ਚ ਵੱਡਾ ਰੱਦੋਬਦਲ ਤਾਂ ਕੀਤਾ ਪਰ ਸਰਕਾਰ ਦੀ ਨੀਅਤ ਤੇ ਨੀਤੀ ’ਚ ਬਦਲਾਅ ਵੱਲ ਧਿਆਨ ਨਹੀਂ ਦੇ ਰਹੇ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ।
ਕਿਸਾਨ ਮੋਰਚੇ ਵੱਲੋਂ ਖੇਤੀ ਮੰਤਰੀ ਦੇ ਬਿਆਨ ਦੀ ਨਿਖੇਧੀ
ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਲੜੀਵਾਰ ਧਰਨਾ ਅੱਜ ਵੀ ਜਾਰੀ ਰਿਹਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਹਾਲੇ ਵੀ ਵਿਵਾਦਿਤ ਖੇਤੀ ਕਾਨੂੰਨਾਂ ਬਾਰੇ ਪੁਰਾਣਾ ਰਾਗ ਗਾ ਰਿਹਾ ਹੈ, ਜਦਕਿ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਵੀ ਨਹੀਂ। ਲੜੀਵਾਰ ਧਰਨੇ ਦੀ ਅਗਵਾਈ ਮਹਿੰਦਰ ਕੌਰ ਨੇ ਕੀਤੀ।