ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਜੂਨ
ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਕ ਸਾਲ ਦੇ ਕਾਰਜਕਾਲ ਵਿੱਚ ਦਹਾਕਿਆਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਹੈ, ਜੋ ਦੇਸ਼ ਦੇ ਗੌਰਵਮਈ ਇਤਿਹਾਸ ਵਿਚ ਨਸੂਰ ਬਣੀਆਂ ਹੋਈਆਂ ਸਨ। ਉਹ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਖੰਨਾ ਨੇ ਕਿਹਾ ਕਿ ਵਿਕਾਸ ਅਤੇ ਕੌਮੀ ਹਿੱਤ ਵਿੱਚ ਮੋਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਸੂਚੀ ਬਹੁਤ ਲੰਬੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਪਿਛਲੇ ਛੇ ਸਾਲਾਂ ਵਿੱਚ ਸੱਤ ਦਹਾਕਿਆਂ ਤੋਂ ਚੱਲ ਰਹੀਆਂ ਇਤਿਹਾਸਕ ਗ਼ਲਤੀਆਂ ਨੂੰ ਸੁਧਾਰਿਆ ਗਿਆ ਹੈ। ਪਹਿਲੇ ਕਾਰਜਕਾਲ ਵਿੱਚ ਮੋਦੀ ਸਰਕਾਰ ਨੇ ਬੁਨਿਆਦੀ ਢਾਂਚੇ, ਵਿਕਾਸ ਅਤੇ ਆਰਥਿਕ ਸੁਧਾਰਾਂ ’ਤੇ ਧਿਆਨ ਕੇਂਦਰਿਤ ਕੀਤਾ ਸੀ ਜਦੋਂਕਿ ਦੂਜੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਸਰਕਾਰ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਤੇ ਆਰਥਿਕ ਨਿਆਂ ਪ੍ਰਤੀ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਅੱਜ ਜਿੱਥੇ ਕਰੋਨਾਵਾਇਰਸ ਮਹਾਮਾਰੀ ਅੱਗੇ ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਆਪਣੇ ਆਪ ਨੂੰ ਬੇਵੱਸ ਸਮਝ ਰਹੇ ਹਨ, ਉੱਥੇ ਹੀ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਅਗਵਾਈ ਹੇਠ ਭਾਰਤ ਵਿੱਚ ਸਥਿਤੀ ਕਾਫ਼ੀ ਬਿਹਤਰ ਹੈ। ਇਸ ਤੋਂ ਪਹਿਲਾਂ ਭਾਜਪਾ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਘਲ ਦੀ ਅਗਵਾਈ ਹੇਠ ਅਵਿਨਾਸ਼ ਰਾਏ ਖੰਨਾ ਦਾ ਇੱਥੇ ਆਉਣ ’ਤੇ ਸਵਾਗਤ ਕੀਤਾ ਗਿਆ।