ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਅਕਤੂਬਰ
ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਮਨਾਉੱਦਿਆਂ ਅੱਜ ਲੁਧਿਆਣਾ ਵਿਖੇ ਹਜ਼ਾਰਾਂ ਲੋਕਾਂ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦਾ ਜਸ਼ਨ ਮਨਾਉਂਦਿਆ ਸਾਈਕਲੋਥਨ ਅਤੇ ਵਾਕਾਥਨ ਕਰਵਾਈ।
ਇਹ ਸਮਾਗਮ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਆਸ਼ੂ ਨੇ ਕਿਹਾ ਕਿ ਇਸ ਜਨ ਅੰਦੋਲਨ ਦਾ ਉਦੇਸ਼ ਸਾਡੇ ਦੇਸ਼ ਦੀ ਆਜ਼ਾਦੀ ਦੇ 75 ਵੇਂ ਸਾਲ ਦਾ ਜਸ਼ਨ ਮਨਾਉਣਾ ਅਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰੀਆਂ। ਉਨ੍ਹਾਂ ਕਿਹਾ ਕਿ ਸਾਡੇ ਵਿੱਚੋਂ ਹਰ ਇੱਕ ਖਾਸ ਕਰਕੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਸ਼ਹੀਦਾਂ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਕਾਇਮ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਇਸ ਨੇਕ ਕਾਰਜ ਵਿੱਚ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਲੁਧਿਆਣਾ ਦੇ ਲੋਕਾਂ ਦਾ ਸਰਗਰਮ ਸਹਿਯੋਗ ਲੁਧਿਆਣਾ ਨੂੰ ਇੱਕ ਸਾਫ਼, ਹਰਾ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਵੇਗਾ।
ਇਸ ਦੌਰਾਨ ਨਗਰ ਨਿਗਮ ਦਫਤਰ ਜ਼ੋਨ ਡੀ ਤੋਂ 10.2 ਕਿਲੋਮੀਟਰ ਦੇ ਸਾਈਕਲੋਥਨ ਨੂੰ ਹਰੀ ਝੰਡੀ ਦਿਖਾਈ ਗਈ, ਜਿਸ ਵਿੱਚ ਵੱਖ-ਵੱਖ ਸਾਈਕਲਿੰਗ ਕਲੱਬਾਂ ਦੇ ਸੈਂਕੜੇ ਸਾਈਕਲ ਪ੍ਰੇਮੀਆਂ ਨੇ ਹਿੱਸਾ ਲਿਆ। ਵਾਟਰ ਫਰੰਟ 2 ਤੋਂ ਸਾਈਕਲਿੰਗ ਈਵੈਂਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਹੋਈ 2 ਕਿਲੋਮੀਟਰ ਦੀ ਇੱਕ ਵਾਕਾਥਨ ਵਿੱਚ ਵੀ ਪਤਵੰਤਿਆਂ ਅਤੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।