ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਮਰ ਸਿੰਘ ਬੋਪਾਰਾਏ ਅੱਜ ਮੁੜ ਫਿਰ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਸਸਰਾਲੀ ਕਾਲੋਨੀ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੂੰ ਮਿਲਣ ਪਹੁੰਚੇ। ਇੱਥੇ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲਈ 50 ਲੱਖ ਰੁਪਏ ਆਪਣੇ ਅਖਤਿਆਰੀ ਕੋਟੇ ’ਚੋਂ ਦੇਣ ਦਾ ਐਲਾਨ ਕੀਤਾ ਅਤੇ ਜੇਕਰ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ 50 ਲੱਖ ਹੋਰ ਦੇ ਦੇਣਗੇ। ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਮੌਜੂਦਾ ਹਾਲਾਤਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੋ ਸੰਸਦ ਮੈਂਬਰ ਅਮਰ ਸਿੰਘ ਦੇ ਯਤਨਾਂ ਸਦਕਾ ਪ੍ਰਸ਼ਾਸਨ ਨੇ ਸਤਲੁਜ ਦਰਿਆ ਦੇ ਬੰਨ੍ਹ ਦੀ ਮਜ਼ਬੂਤੀ ਲਈ ਪੱਥਰ ਮੰਗਵਾਏ ਸਨ ਉਹ ਲਗਾਉਣੇ ਜ਼ਰੂਰੀ ਨਹੀਂ ਸਮਝੇ। ਲੋਕਾਂ ਦੀ ਗੱਲ ਸੁਣਨ ਤੋਂ ਬਾਅਦ ਐੱਮ.ਪੀ. ਅਮਰ ਸਿੰਘ ਨੇ ਲੁਧਿਆਣਾ ਜ਼ਿਲੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਸਸਰਾਲੀ ਕੋਲ ਧੁੱਸੀ ਬੰਨ੍ਹ ਵਿਚ ਪਾੜ੍ਹ ਪੈਣ ਦੌਰਾਨ ਹੜ੍ਹ ਆਉਣ ਕਾਰਨ ਲੋਕਾਂ ਦਾ ਨੁਕਸਾਨ ਹੋਇਆ ਤਾਂ ਉਸ ਲਈ ਸਿੱਧੇ ਤੌਰ ’ਤੇ ਡਿਪਟੀ ਕਮਿਸ਼ਨਰ, ਏਡੀਸੀ, ਐੱਸਡੀਐੱਮ, ਮਾਈਨਿੰਗ ਤੇ ਸਿੰਜਾਈ ਵਿਭਾਗ ਦੇ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਦੇ ਐਕਸੀਅਨ ਤੇ ਐੱਸਡੀਓ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਹੋਣਾ ਚਾਹੀਦਾ ਹੈ ਜਿਨ੍ਹਾਂ ਦੀ ਨਿਗਰਾਨੀ ਹੇਠ ਇੱਥੋਂ ਨਾਜਾਇਜ਼ ਮਾਈਨਿੰਗ ਹੋਈ ਅਤੇ ਲੋਕ ਹੜ੍ਹਾਂ ਦੀ ਮਾਰ ਹੇਠ ਆਏ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਤਾਜ ਪਰਮਿੰਦਰ ਸੋਨੂ, ਚੇਅਰਮੈਨ ਸੁਰਿੰਦਰ ਪਾਲ ਸਿੰਘ ਹੁੰਦਲ ਅਤੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਅਤੇ ਪਿੰਡਾਂ ਦੇ ਲੋਕ ਹਾਜ਼ਰ ਸਨ।