Municipal Corporation: ਬਕਾਇਆ ਕਿਰਾਏ ਤੇ ਲੀਜ਼ ਵਸੂਲੀ ਲਈ ਨਿਗਮ ਸਖ਼ਤ
ਬਕਾਇਆ ਰਕਮ ਦੀ ਵਸੂਲੀ ਅਤੇ ਗ਼ੈਰ-ਕਾਨੂੰਨੀ ਉਸਾਰੀਆਂ ’ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਬਕਾਇਆ ਚਲਾਨਾਂ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਦੋ ਬਿਲਡਿੰਗ...
ਬਕਾਇਆ ਰਕਮ ਦੀ ਵਸੂਲੀ ਅਤੇ ਗ਼ੈਰ-ਕਾਨੂੰਨੀ ਉਸਾਰੀਆਂ ’ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਬਕਾਇਆ ਚਲਾਨਾਂ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਦੋ ਬਿਲਡਿੰਗ ਇੰਸਪੈਕਟਰਾਂ ਹਰਮਿੰਦਰ ਮੱਕੜ ਅਤੇ ਦਲੀਪ ਸੋਨੀ ਵਿਰੁੱਧ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਅਤੇ ਡਿਊਟੀ ਵਿੱਚ ਅਣਗਹਿਲੀ ਕਰਨ ’ਤੇ ਚਾਰਜਸ਼ੀਟ ਦੀ ਸਿਫ਼ਾਰਸ਼ ਕੀਤੀ ਹੈ। ਸ਼ੁੱਕਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਨਗਰ ਨਿਗਮ ਕਮਿਸ਼ਨਰ ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਦੌਰਾਨ ਨਿਗਮ ਕਮਿਸ਼ਨਰ ਨੇ ਕਿਹਾ ਕਿ ਬਕਾਇਆ ਰਕਮ ਦੀ ਵਸੂਲੀ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਗੁਪਤਾ ਨੇ ਅਧਿਕਾਰੀਆਂ ਨੂੰ ਬਕਾਇਆ ਚਲਾਨਾਂ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਡੀ ਡੀ ਓਜ਼ ਨੂੰ ਆਪਣੀਆਂ ਡਿਊਟੀਆਂ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਡਾ. ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ।
ਡਾ. ਗੁਪਤਾ ਨੇ ਕਿਹਾ ਕਿ ਬਕਾਇਆ ਰਕਮ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਲਈ ਨਿਯਮਤ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਬੇਨਿਯਮੀਆਂ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

