ਗੁਰਿੰਦਰ ਸਿੰਘ
ਲੁਧਿਆਣਾ, 1 ਜੁਲਾਈ
ਨਗਰ ਨਿਗਮ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਵੱਲੋਂ ਮੇਅਰ ਅਤੇ ਕਮਿਸ਼ਨਰ ਨਾਲ ਕੀਤੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਨਗਰ ਨਿਗਮ ਲੁਧਿਆਣਾ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।
ਜਥੇਬੰਦੀ ਦੇ ਆਗੂਆਂ ਅਸ਼ਵਨੀ ਸਹੋਤਾ ਅਤੇ ਜਸਦੇਵ ਸਿੰਘ ਸੇਖੋਂ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਨਗਰ ਨਿਗਮ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨਾਲ ਅੱਠ ਅਪਰੈਲ ਨੂੰ ਹੋਈ ਮੀਟਿੰਗ ਵਿੱਚ ਕੁੱਝ ਮੰਗਾਂ ਨੂੰ ਮੰਨਿਆ ਗਿਆ ਸੀ ਪਰ ਉਸ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਸੰਘਰਸ਼ ਕਮੇਟੀ ਵੱਲੋਂ ਦੋ ਜੂਨ ਤੋਂ ਮੁੜ ਸੰਘਰਸ਼ ਵਿੱਢ ਕੇ ਧਰਨੇ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਸਨ।
ਉਨ੍ਹਾਂ ਦੱਸਿਆ ਕਿ ਅੱਜ ਸੰਘਰਸ਼ ਕਮੇਟੀ ਵੱਲੋਂ ਨਗਰ ਨਿਗਮ ਦੀ ਕਮਿਸ਼ਨਰ ਸ਼ੀਨਾ ਅਗਰਵਾਲ ਅਤੇ ਮੇਅਰ ਬਲਕਾਰ ਸਿੰਘ ਸੰਧੂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਮੰਗ ਕੀਤੀ ਗਈ ਕਿ ਪਿਛਲੀਆਂ ਮੀਟਿੰਗਾਂ ਦੌਰਾਨ ਨਿਗਮ ਵੱਲੋਂ ਮੰਨੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਮੇਅਰ ਅਤੇ ਕਮਿਸ਼ਨਰ ਨੇ ਐਲਾਨ ਕੀਤਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਹਦਾਇਤਾਂ ਲਈਆਂ ਜਾਣਗੀਆਂ ਜਿਸ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਹਰ ਹਾਲਤ ਵਿੱਚ ਲਾਗੂ ਕਰਨਗੇ।
ਸ੍ਰੀ ਸਹੋਤਾ ਨੇ ਦੱਸਿਆ ਕਿ ਜਥੇਬੰਦੀ ਦਾ ਵਫ਼ਦ ਜਲਦੀ ਹੀ ਸਾਰੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਮਿਲ ਕੇ ਲੰਬਿਤ ਮਸਲੇ ਹੱਲ ਕਰਨ ਦੀ ਮੰਗ ਕਰੇਗਾ।