ਨਗਰ ਨਿਗਮ ਨੇ ਚਾਰ ਗ਼ੈਰ-ਕਾਨੂੰਨੀ ਉਸਾਰੀਆਂ ਢਾਹੀਆਂ
ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਦੇ ਹੋਏ ਨਗਰ ਨਿਗਮ ਨੇ ਮੰਗਲਵਾਰ ਨੂੰ ਮਾਡਲ ਟਾਊਨ ਅਤੇ ਕੋਚਰ ਮਾਰਕੀਟ ਇਲਾਕੇ ਵਿੱਚ ਚਾਰ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕੀਤੀ। ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ, ਨਗਰ ਨਿਗਮ ਜ਼ੋਨ-ਡੀ ਦਫ਼ਤਰ ਦੀ ਬਿਲਡਿੰਗ ਸ਼ਾਖਾ ਵੱਲੋਂ ਕਾਰਵਾਈ ਕੀਤੀ ਗਈ ਹੈ। ਮਾਡਲ ਟਾਊਨ ਵਿੱਚ ਜੀ.ਟੀ.ਬੀ ਹਸਪਤਾਲ ਦੇ ਨਾਲ ਲੱਗਦੀ ਸੜਕ ’ਤੇ ਦੋ ਗ਼ੈਰ-ਕਾਨੂੰਨੀ ਵਪਾਰਕ ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ ਹੈ, ਜਦੋਂ ਕਿ ਨਗਰ ਨਿਗਮ ਦੀ ਟੀਮ ਨੇ ਕੋਚਰ ਮਾਰਕੀਟ ਇਲਾਕੇ ਵਿੱਚ ਅਤੇ ਮਾਡਲ ਟਾਊਨ ਵਿੱਚ ਜੀ.ਟੀ.ਬੀ ਹਸਪਤਾਲ ਦੇ ਨਾਲ ਲੱਗਦੀ ਸੜਕ ’ਤੇ ਦੋ ਗ਼ੈਰ-ਕਾਨੂੰਨੀ ਵਪਾਰਕ ਉਸਾਰੀਆਂ ਨੂੰ ਢਾਹ ਦਿੱਤਾ। ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ। ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਨਿਰਮਾਣ ਕਾਰਜ ਸ਼ੁਰੂ ਕਰਨ, ਨਹੀਂ ਤਾਂ ਗ਼ੈਰ-ਕਾਨੂੰਨੀ ਇਮਾਰਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।