ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਮਈ
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿੱਚ ਅੱਜ ਕਰਵਾਏ ਡਿਗਰੀ ਵੰਡ ਸਮਾਗਮ ਵਿੱਚ 300 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਸਮਾਗਮ ਵਿੱਚ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਾਲਜ ਦੇ 100 ਸਾਲਾਂ ਦੇ ਮਾਣਮੱਤੇ ਇਤਿਹਾਸ ਅਤੇ ਵਿਲੱਖਣ ਪ੍ਰਾਪਤੀਆਂ ਤੇ ਪ੍ਰਬੰਧਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਾਰੀ ਦੁਨੀਆਂ ਗਿਆਨ-ਵਿਗਿਆਨ ਤੇ ਤਕਨੋਲਜੀ ਨਾਲ ਜੁੜ ਰਹੀ ਹੈ। ਜਿਸ ਤਹਿਤ ਸਿੱਖਿਆ ਪ੍ਰਣਾਲੀ ਵਿੱਚ ਵੀ ਕਈ ਤਰ੍ਹਾਂ ਦੇ ਬਦਲਾਅ ਹੋ ਰਹੇ ਹਨ ਜੋ ਕਿ ਵਿਦਿਆਰਥੀਆਂ ਦੇ ਸਰਪਖੀ ਵਿਕਾਸ ਲਈ ਲਾਭਦਾਇਕ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਿਰਫ ਡਿਗਰੀਆਂ ਪ੍ਰਾਪਤ ਕਰਨਾ ਹੀ ਜ਼ਰੂਰੀ ਨਹੀਂ ਸਗੋਂ ਕਿਸੇ ਰੁਜ਼ਗਾਰ ਨੂੰ ਪ੍ਰਾਪਤ ਕਰਨ ਲਈ ਹੁਨਰ ਦਾ ਹੋਣਾ ਵੀ ਜ਼ਰੂਰੀ ਹੈ। ਕਾਲਜ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਸਥਾ ਤੋਂ ਪ੍ਰਾਪਤ ਕੀਤੇ ਗਿਆਨ ਨੂੰ ਅੱਗੋਂ ਹੋਰਨਾਂ ਵਿੱਚ ਵੰਡਣ ਲਈ ਵੀ ਪ੍ਰੇਰਿਤ ਕੀਤਾ।