ਗਗਨਦੀਪ ਅਰੋੜਾ
ਲੁਧਿਆਣਾ, 9 ਸਤੰਬਰ
‘ਮੇਰਾ ਸ਼ਹਿਰ ਮੇਰਾ ਮਾਣ’ ਦੇ ਤਹਿਤ ਅੱਜ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਕੌਸਲਰ ਰਾਸ਼ੀ ਅਗਰਵਾਲ ਦੇ ਨਾਲ ਵਾਰਡ ਨੰਬਰ 81 ਅਧੀਨ ਹੈਬੋਵਾਲ ਵਿੱਚ ਸਫਾਈ ਮੁਹਿੰਮ ਚਲਾਈ ਗਈ। ਇਸ ਮੌਕੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਸਨੀਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਬਾਅਦ ਵਿੱਚ, ਉਨ੍ਹਾਂ ਹਲਕਾ ਪੱਛਮੀ ਦੇ ਵਾਰਡ ਨੰਬਰ 65 ਅਧੀਨ ਅਸ਼ੋਕ ਨਗਰ ਵਿੱਚ ਨਵੇਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ, ਜਿਸ ’ਤੇ ਕਰੀਬ 12 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਲਗਪੱਗ 20 ਦਿਨਾਂ ਵਿੱਚ ਇਸ ਦਾ ਕੰਮ ਮੁਕੰਮਲ ਕਰ ਕੇ ਲੋਕਾਂ ਨੂੰ ਇਹ ਟਿਊੁਬਵੈੱਲ ਸਮਰਪਿਤ ਕੀਤਾ ਜਾਵੇਗਾ। ਵਿਧਾਇਕ ਗੋਗੀ ਵੱਲੋਂ ਇਸ ਮੌਕੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 65 ਅਧੀਨ ਵਸਨੀਕਾਂ ਨੂੰ ਪੁਰਾਣੇ ਟਿਊਬਵੈੱਲ ਦੇ ਖਰਾਬ ਹੋਣ ਕਾਰਨ ਪਾਣੀ ਦੀ ਕਾਫੀ ਕਿੱਲਤ ਆ ਰਹੀ ਹੈ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਐੱਸਡੀਓ ਅੰਸ਼ੁਲ ਗਰਚਾ, ਚੀਫ ਸੈਨੇਟਰੀ ਇੰਸਪੈਕਟਰ ਗੁਰਿੰਦਰ ਸਿੰਘ ਵੀ ਮੌਜੂਦ ਸਨ।