ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਰਾਗੀਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ; ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵੱਲੋਂ ਬਾਬਾ ਬੁੱਢਾ ਜੀ ਸੇਵਾ ਦਲ ਤੇ ਮੀਰੀ ਪੀਰੀ ਸੇਵਾ ਦਲ ਤੇ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਨਗਰ ਕੀਰਤਨ ਆਰੰਭ ਹੋਇਆ। ਇਸ ਦੌਰਾਨ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਗਤ ਨੂੰ ਵਧਾਈ ਦਿਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਨਗਰ ਕੀਰਤਨ ਵਿੱਚ ਜਗਜੀਵਨ ਸਿੰਘ ਉੱਭੀ ਪ੍ਰਧਾਨ ਬਾਬਾ ਬੁੱਢਾ ਜੀ ਸੇਵਾ ਦਲ, ਭਿੰਦਰ ਸਿੰਘ ਪ੍ਰਧਾਨ, ਗੁਰਜੀਤ ਸਿੰਘ ਮੰਗਾ, ਨਿਰਭੈ ਸਿੰਘ, ਸੁਰਿੰਦਰਪਾਲ ਸਿੰਘ ਭਾਟੀਆ, ਹਰਬੰਸ ਸਿੰਘ ਹੁੰਝਣ, ਕੇਸਰ ਸਿੰਘ, ਜਥੇਦਾਰ ਹਰਮੀਤ ਸਿੰਘ ਖਾਲਸਾ ਤੇ ਰਵਿੰਦਰਜੀਤ ਸਿੰਘ ਭੰਗੂ ਆਦਿ ਹਾਜ਼ਰ ਸਨ।
ਚਮਕੌਰ ਸਾਹਿਬ (ਸੰਜੀਵ ਬੱਬੀ): ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਕਿਰਨਜੋਤ ਕੌਰ ਮਾਂਗਟ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਕੂਲ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਸ਼ਹੀਦੀ ਬੁਰਜ ਬਾਬਾ ਜੀਵਨ ਸਿੰਘ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿੱਚ ਨਤਮਸਤਕ ਹੁੰਦਾ ਹੋਇਆ ਮੁੜ ਸਕੂਲ ਵਿੱਚ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਸਕੂਲ ਕਮੇਟੀ ਦੇ ਮੈਨੇਜਰ ਜਥੇਦਾਰ ਹਰਬੰਸ ਸਿੰਘ ਕੰਧੋਲਾ, ਜਥੇਦਾਰ ਪ੍ਰੀਤਮ ਸਿੰਘ, ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ ਤੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਆਦਿ ਹਾਜ਼ਰ ਸਨ।
ਮੋਰਿੰਡਾ (ਸੰਜੀਵ ਤੇਜਪਾਲ): ਡੇਰਾ ਕਾਰ ਸੇਵਾ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਤੋਂ ਨਗਰ ਕੀਰਤਨ ਸਜਾਇਆ ਗਿਆ। ਡੇਰਾ ਕਾਰ ਸੇਵਾ ਮੋਰਿੰਡਾ ਦੇ ਪ੍ਰਬੰਧਕ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਦੇ ਕਾਰਜਕਾਰੀ ਪ੍ਰਧਾਨ ਸਵਰਨ ਸਿੰਘ ਬਿੱਟੂ ਨੇ ਦੱਸਿਆ ਕਿ ਨਗਰ ਕੀਰਤਨ ਵਿੱਚ ਜਿੱਥੇ ਸਿੱਖ ਸੰਗਤਾਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉੱਥੇ ਹੀ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ, ਵਿਜੇ ਕੁਮਾਰ ਟਿੰਕੂ ਹਲਕਾ ਇੰਚਾਰਜ ਖਰੜ, ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਹਾਜ਼ਰੀ ਭਰੀ। ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਬਾਜ਼ਾਰਾਂ ਵਿੱਚ ਸਵਗਤੀ ਗੇਟ ਬਣਾਏ ਗਏ ਸਨ ਉੱਥੇ ਹੀ ਦੁਕਾਨਦਾਰਾਂ ਵੱਲੋਂ ਸੰਗਤਾਂ ਲਈ ਭਾਂਤ ਭਾਂਤ ਦੇ ਲੰਗਰ ਵੀ ਲਗਾਏ ਗਏ ਸਨ।
ਅੰਬਾਲਾ (ਸਰਬਜੀਤ ਸਿੰਘ ਭੱਟੀ): ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਅੱਜ ਅੰਬਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਤੋਂ ਸ਼ੁਰੂ ਹੋਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਮੀਰੀ ਪੀਰੀ ਚੌਂਕ, ਪੁਰਾਣੀ ਸਬਜ਼ੀ ਮੰਡੀ, ਨਾਹਨ ਹਾਊਸ, ਜਗਾਧਰੀ ਗੇਟ, ਪਟੇਲ ਰੋਡ ਅਤੇ ਮੇਨ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਮੰਜੀ ਸਾਹਿਬ ਚ ਸੰਪੰਨ ਹੋਇਆ। ਸਿੱਖ ਫੈਡਰੇਸ਼ਨ ਦੇ ਜਨਰਲ ਸਕੱਤਰ ਜਥੇਦਾਰ ਚਰਨਜੀਤ ਸਿੰਘ ਟੱਕਰ ਨੇ ਮੀਰੀ ਪੀਰੀ ਚੌਕ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।
ਡੇਰਾਬਸੀ (ਹਰਜੀਤ ਸਿੰਘ): ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਖੇਤਰ ਦੇ ਗੁਰਦੁਆਰਾ ਸਾਹਿਬ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਹ ਸ਼ਹਿਰ ਦੇ ਵੱਖ ਵੱਖ ਸੜਕਾਂ ਅਤੇ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ। ਇਸ ਮੌਕੇ ਹਲਕੇ ਦੇ ਵਿਧਾਇਕ ਸਰਦਾਰ ਕੁਲਜੀਤ ਸਿੰਘ ਰੰਧਾਵਾ ਦੇ ਪੁੱਤਰ ਗੁਰਸਹਿਜ ਸਿੰਘ ਰੰਧਾਵਾ ਨੇ ਪਾਰਟੀ ਦੀ ਸਮੁੱਚੀ ਟੀਮ ਨਾਲ ਨਗਰ ਕੀਰਤਨ ਵਿੱਚ ਨਤਮਸਤਕ ਹੋਏ।

