ਇਥੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਨਗਰ ਕੀਰਤਨ ਸਜਾਏ ਗਏ, ਜਿਨ੍ਹਾਂ ਦਾ ਸੰਗਤ ਨੇ ਕਈ ਥਾਈਂ ਸਟੇਜਾਂ ਅਤੇ ਲੰਗਰ ਲਗਾ ਕੇ ਸਵਾਗਤ ਕੀਤਾ।
ਗੁਰਦੁਆਰਾ ਗੁਰੂ ਸਿੰਘ ਸਭਾ ਰਾਜਗੁਰੂ ਨਗਰ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ, ਜੋ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਨਗਰ ਕੀਰਤਨ ਦਾ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਨਗਰ ਵਿੱਚ ਪਹੁੰਚਣ ’ਤੇ ਦਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਾਊਸਿੰਗ ਬੋਰਡ ਕਲੋਨੀ ਦੀ ਸਮੁੱਚੀ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ’ਤੇ ਫੁੱਲਾਂ ਦੀ ਵਰਖਾ ਕਰਕੇ ਪੰਜ ਪਿਆਰਿਆਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ।
ਇਸੇ ਤਰ੍ਹਾਂ ਗੁਰਦੁਆਰਾ ਗੁਰੂ ਸਿੰਘ ਸਭਾ ਸਰਾਭਾ ਨਗਰ ਵੱਲੋਂ ਵੀ ਨਗਰ ਕੀਰਤਨ ਸਜਾਇਆ ਗਿਆ, ਜੋ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸ਼ਬਦੀ ਜਥੇ, ਇਸਤਰੀ ਸਤਿਸੰਗ ਸਭਾਵਾਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ, ਭਾਜਪਾ ਆਗੂ ਜੀਵਨ ਗੁਪਤਾ, ਅਸ਼ੋਕ ਲੂੰਬਾ ਸਮੇਤ ਕਈ ਆਗੂਆਂ ਨੇ ਸਵਾਗਤ ਕੀਤਾ। ਪ੍ਰਬੰਧਕਾਂ ਵੱਲੋਂ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ।

