ਖੰਨਾ (ਜੋਗਿੰਦਰ ਸਿੰਘ ਓਬਰਾਏ): ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਆਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਸੱਦੇ ’ਤੇ ਰੋਸ ਪ੍ਰਗਟ ਕਰਦਿਆਂ ਨੈਸ਼ਨਲ ਹਾਈਵੇ ਜਾਮ ਕੀਤਾ ਅਤੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ। ਇਸ ਮੌਕੇ ਸ਼ਹਿਰ ਵਾਸੀਆਂ ਨੇ ਬੰਦ ਨੂੰ ਭਰਵਾਂ ਹੁੰਗਾਰਾ ਦਿੱਤਾ ਅਤੇ ਹਰ ਤਰ੍ਹਾਂ ਦੇ ਕਾਰੋਬਾਰ ਬੰਦ ਰੱਖੇ, ਕਿਸਾਨਾਂ ਨੇ ਲਲਹੇੜੀ ਚੌਕ, ਸਮਰਾਲਾ ਚੌਕ, ਅਮਲੋਹ ਚੌਕ, ਮਲੇਰਕੋਟਲਾ ਚੌਕ ਆਦਿ ਵੀ ਧਰਨੇ ਲਾ ਕੇ ਜਾਮ ਕੀਤੇ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਕਸ਼ਮੀਰਾ ਸਿੰਘ ਮਾਜਰਾ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁੱਲ ਤਬਾਹ ਹੋ ਜਾਣਗੇ। ਕੈਪਸ਼ਨ: ਕਿਸਾਨਾਂ ਵੱਲੋਂ ਜਰਨੈਲੀ ਸੜਕ ’ਤੇ ਲਾਇਆ ਹੋਇਆ ਜਾਮ।