ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਮੌਜੂਦਾ ਮਸਲਿਆਂ ਦੇ ਹੱਲ ਲਈ ਹੁਣ ਪੰਥਕ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਮੀਟਿੰਗ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਡ ਅਕਾਲੀ ਦਲ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ, ਕਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਕਿ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਦੇ ਪੰਜਾਬ ਦੌਰਿਆਂ ਦੌਰਾਨ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ 11 ਜੁਲਾਈ ਨੂੰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ, ਜਦਕਿ ਇਸ ਤੋਂ ਪਹਿਲਾਂ 4 ਜੁਲਾਈ ਨੂੰ ਸਰਹਿੰਦ ਵਿੱਚ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।
ਇਸ ਮੌਕੇ ਭਾਈ ਜਸਵੀਰ ਸਿੰਘ ਰੋਡੇ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਬਾਪੂ ਗੁਰਚਰਨ ਸਿੰਘ ਪਟਿਆਲਾ ਗੁਰਜੰਟ ਸਿੰਘ ਕੱਟੂ, ਭਰਪੂਰ ਸਿੰਘ, ਭੁਪਿੰਦਰ ਸਿੰਘ ਗਦਲੀ, ਕੁਲਦੀਪ ਸਿੰਘ ਡੱਲਾ, ਸੰਤ ਚਰਨਜੀਤ ਸਿੰਘ ਜਸੋਵਾਲ, ਸਰਦੂਲ ਸਿੰਘ ਝਾੜ ਸਾਹਿਬ, ਜਥੇਦਾਰ ਬੂਟਾ ਸਿੰਘ ਰਣਸੀਂਹ, ਪਾਲ ਸਿੰਘ ਘੜੂੰਆਂ, ਬਲਵਿੰਦਰ ਸਿੰਘ ਝਾੜ ਸਾਹਿਬ, ਗੁਰਿੰਦਰ ਸਿੰਘ ਭੰਗੂ ਕੋ-ਕਨਵੀਨਰ, ਡਾ. ਦਰਸ਼ਨ ਪਾਲ, ਸੁੱਖ ਗਿੱਲ ਮੋਗਾ, ਜੀਤ ਔਲਖ, ਬਲਵਿੰਦਰ ਸਿੰਘ ਪਿਆਰੇਆਣਾ, ਇੰਦਰਵੀਰ ਸਿੰਘ ਪਟਿਆਲਾ ਹਾਜ਼ਰ ਸਨ।

