ਕੌਮੀ ਇਨਸਾਫ਼ ਮੋਰਚੇ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੁਲਾਈ
ਕੌਮੀ ਇਨਸਾਫ਼ ਮੋਰਚੇ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਕੌਮੀ ਇਨਸਾਫ਼ ਮੋਰਚਾ ਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਨੇ ਮੋਰਚੇ ਵੱਲੋਂ ਹਾਜਰੀ ਲਗਵਾਈ ਅਤੇ ਹੁਣ ਤੱਕ ਦੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਰੁਲਦੂ ਮਾਨਸਾ ਦੇ ਜ਼ਿਲ੍ਹਾ ਆਗੂਆਂ ਨੇ ਹਿੱਸਾ ਲਿਆ।
ਪੰਜ ਮੈਂਬਰੀ ਕਮੇਟੀ ਦੇ ਜ਼ਿਲ੍ਹਾ ਆਗੂਆਂ ਮੁਕੰਦ ਸਿੰਘ ਚੌਕੀਮਾਨ, ਸ਼ਮਸ਼ੇਰ ਸਿੰਘ ਆਸੀ ਸਾਬਕਾ ਸੈਨਿਕ ਜਥੇਬੰਦੀ ਦੇ ਆਗੂ, ਬਾਪੂ ਬਲਕੌਰ ਸਿੰਘ ਗਿੱਲ, ਗੁਰਮੇਲ ਸਿੰਘ ਰੋਮੀ, ਬੂਟਾ ਸਿੰਘ ਮਲਕ, ਤਰੁਣ ਜੈਨ ਬਾਵਾ ਅਤੇ ਨਿਹੰਗ ਸਿੰਘ ਬਾਬਾ ਮਿੱਠੂ ਸਿੰਘ ਮੁੱਲਾਂਪੁਰ ਸਮੇਤ 12 ਪਿੰਡਾਂ ਤੋਂ ਆਏ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਕੌਮੀ ਇਨਸਾਫ਼ ਮੋਰਚੇ ਨੂੰ ਹੋਰ ਮਜ਼ਬੂਤ ਕਰਨ, 4 ਅਗਸਤ ਨੂੰ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਮੁਖੀਆਂ ਦੇ ਪੁਤਲੇ ਫੂਕਣ ਅਤੇ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਵੱਲੋਂ ਮੋਹਾਲੀ ਵਿੱਖੇ ਇਕੱਠ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।