ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਜੂਨ
ਮਜ਼ਦੂਰ-ਮੁਲਾਜ਼ਮ ਜਥੇਬੰਦੀਆਂ ਵੱਲੋਂ ਦੇਸ਼ ਪੱਧਰੀ ਹੜਤਾਲ ਦੇ ਦਿੱਤੇ ਸੱਦੇ ਤਹਿਤ 9 ਜੁਲਾਈ ਨੂੰ ਦੁਪਹਿਰ 12 ਵਜੇ ਸਮਰਾਲਾ ਚੌਕ ਵਿੱਚ ਸਾਂਝਾ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਪੰਜਾਬੀ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਕਾਰਖਾਨਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ, ਇਨਕਲਾਬੀ ਮਜ਼ਦੂਰ ਕੇਂਦਰ ਪੰਜਾਬ (ਮਾਸਾ) ਦੇ ਪ੍ਰਧਾਨ ਸੁਰਿੰਦਰ ਸਿੰਘ, ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਟੈਕਸਟਾਇਲ-ਹੌਜਰੀ ਕਾਮਗਾਰ ਯੂਨੀਅਨ ਦੇ ਪ੍ਰਧਾਨ ਜਗਦੀਸ਼ ਸਿੰਘ ਅਤੇ ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ ਦੇ ਪ੍ਰਧਾਨ ਵਿਜੇ ਨਾਰਾਇਣ ਸ਼ਾਮਲ ਹੋਏ।
ਇਸ ਮੌਕੇ ਟੈਕਸਟਾਇਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਪ੍ਰਧਾਨ ਜਗਦੀਸ਼ ਸਿੰਘ ਨੇ ਦੱਸਿਆ ਕਿ ਰੋਸ ਮੁਜ਼ਾਹਰੇ ਵਿੱਚ ਕ੍ਰਾਂਤੀਕਾਰੀ ਮਜਦੂਰ ਸੈਂਟਰ, ਲੋਕ ਏਕਤਾ ਸੰਗਠਨ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਤੇ ਹੋਰ ਜਥੇਬੰਦੀਆਂ ਦੇ ਪ੍ਰਤੀਨਿਧ ਵੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਤੇ ਦੇਸ਼ੀ-ਵਿਦੇਸ਼ੀ ਸਰਮਾਏਦਾਰਾਂ ਪੱਖੀ ਆਰਥਿਕ-ਸਿਆਸੀ ਨੀਤੀਆਂ ਨੇ ਮਜ਼ਦੂਰਾਂ ਤੇ ਹੋਰ ਸਭਨਾਂ ਕਿਰਤੀ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਬਣਾ ਦਿੱਤੀ ਹੈ। ਉਨ੍ਹਾਂ ਸਮੁੱਚੀ ਮਜ਼ਦੂਰ ਅਤੇ ਕਿਰਤੀ ਜਮਾਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।