ਐੱਨਡੀਏ ਦੀ ਮਾਨਸਿਕਤਾ ਪੰਜਾਬ ਵਿਰੋਧੀ: ਸੌਂਦ
ਕੇਂਦਰ ਦੀ ਐੱਨਡੀਏ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਐੱਨਡੀਏ ਦੀ ਮਾਨਸਿਕਤਾ ‘ਪੰਜਾਬ ਵਿਰੋਧੀ’ ਬਣ ਗਈ ਹੈ। ਉਹ ਅੱਜ ਇੱਥੇ ਸਰਕਟ ਹਾਊਸ ਵਿੱਚ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਨ ਪਹੁੰਚੇ ਹੋਏ ਸਨ।
ਸ੍ਰੀ ਸੌਂਦ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) ਅਧੀਨ ਰਾਸ਼ਨ ਕਾਰਡ ਹਟਾਉਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਤਾਨਾਸ਼ਾਹੀ ਹੁਕਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਪੰਜਾਬ ਵਿੱਚ ਲਗਪਗ 55 ਲੱਖ ਦੇ ਗਰੀਬ ਲਾਭਪਾਤਰੀਆਂ ਨੂੰ ਜ਼ਰੂਰੀ ਖੁਰਾਕ ਸੁਰੱਖਿਆ ਲਾਭਾਂ ਤੋਂ ਵਾਂਝਾ ਕਰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਜਾਣਬੁੱਝ ਕੇ ਪੰਜਾਬ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਬਿੱਲ ਪੇਸ਼ ਕੀਤੇ ਹਨ, ਪੇਂਡੂ ਵਿਕਾਸ ਫੰਡ (ਆਰਡੀਐਫ) ਰੋਕੇ ਹਨ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਅਤੇ ਰਾਸ਼ਟਰੀ ਪੇਂਡੂ ਸਿਹਤ ਮਿਸ਼ਨ ਅਧੀਨ ਫੰਡ ਜਾਰੀ ਕਰਨ ਵਿੱਚ ਅਸਫਲ ਰਹੀ ਹੈ।
ਮੰਤਰੀ ਨੇ ਕਿਹਾ ਕਿ ਇਹ ਕਾਰਵਾਈਆਂ ਸਪੱਸ਼ਟ ਤੌਰ ’ਤੇ ਦਰਸਾਉਂਦੀਆਂ ਹਨ ਕਿ ਐਨਡੀਏ ਸਰਕਾਰ ਨੂੰ ਪੰਜਾਬ ਜਾਂ ਇਸ ਦੇ ਲੋਕਾਂ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਇਸ ਮੁੱਦੇ ’ਤੇ ਚੁੱਪ ਰਹਿਣ ਵਾਲੇ ਭਾਜਪਾ ਆਗੂਆਂ ਨੂੰ ਵੀ ਆੜੇ ਹੱਥੀਂ ਲਿਆ। ਰਾਸ਼ਨ ਕਾਰਡ ਰੱਦ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸ਼੍ਰੀ ਸੌਂਦ ਨੇ ਕੇਂਦਰ ਸਰਕਾਰ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਖੁਰਾਕ ਸੁਰੱਖਿਆ ਲਾਭ ਬਹਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਰਵਜੀਤ ਕੌਰ ਮਾਣੂੰਕੇ, ਰਾਜਿੰਦਰ ਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ ਸਾਰੇ ਵਿਧਾਇਕ, ਨਗਰ ਨਿਗਮ ਦੀ ਮੇਅਰ ਪ੍ਰਿੰ. ਇੰਦਰਜੀਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਸ਼ਰਨਪਾਲ ਸਿੰਘ ਮੱਕੜ, ਡਾ. ਕੇਐਨਐਸ ਕੰਗ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।