ਸਾਮਰਾਜ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣ ਦੀ ਲੋੜ: ਕਾਮਰੇਡ ਬੇਬੀ
ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਕਰੀਬ ਇਕ ਸਦੀ ਪਹਿਲਾਂ ਸਾਮਰਾਜ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਜ ਹੋਰ ਵੀ ਸ਼ਿੱਦਤ ਨਾਲ ਤੇਜ਼ ਕਰਨ ਦੀ ਲੋੜ ਉਪਰ ਜ਼ੋਰ ਦਿੰਦੇ ਹੋਏ ਸੀ ਪੀ ਆਈ (ਐੱਮ) ਦੇ ਕੌਮੀ ਜਨਰਲ ਸਕੱਤਰ ਕਾਮਰੇਡ ਐੱਮ ਏ ਬੇਬੀ ਨੇ ਕੇਂਦਰ ਦੀ ਮੋਦੀ ਹਕੂਮਤ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਅਤੇ ਫ਼ਿਰਕਾਪ੍ਰਸਤੀ ਵਿਰੁੱਧ ਸੰਘਰਸ਼ ਤਿੱਖਾ ਕਰਨ ਦਾ ਸੱਦਾ ਦਿੱਤਾ। ਕੇਰਲ ਦੀ ਐੱਲ ਡੀ ਐੱਫ਼ ਸਰਕਾਰ ਵਿੱਚ ਮੰਤਰੀ ਰਹੇ ਕਾਮਰੇਡ ਐੱਮ ਏ ਬੇਬੀ ਮਹਾਨ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿੱਚ ਭਾਰਤ ਦੀ ਜਨਵਾਦੀ ਨੌਜਵਾਨ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ 100 ਸਾਲ ਪਹਿਲਾਂ ਸਥਾਪਤ ਕੀਤੀ ਨੌਜਵਾਨ ਭਾਰਤ ਸਭਾ ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚੇ ਸਨ। ਉਨ੍ਹਾਂ ਸੀ ਪੀ ਆਈ (ਐੱਮ) ਦੀ ਅਗਵਾਈ ਵਾਲੀ ਕੇਰਲ ਦੀ ਖੱਬੇ-ਪੱਖੀ ਸਰਕਾਰ ਵੱਲੋਂ ਘੋਰ ਗ਼ਰੀਬੀ ਨੂੰ ਖ਼ਤਮ ਕਰਨ ਵਾਲਾ ਪਹਿਲਾ ਰਾਜ ਬਣਨ ’ਤੇ ਵਧਾਈ ਦਿੰਦੇ ਹੋਏ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਪੱਖੀ ਸਰਕਾਰ ਦੱਸਿਆ। ਕਾਬਲੇਗੌਰ ਹੈ ਕਿ ਭਾਰਤ ਦੀ ਜਨਵਾਦੀ ਨੌਜਵਾਨ ਸਭਾ ਦੇ ਲੰਬਾ ਸਮਾਂ ਕੌਮੀ ਪ੍ਰਧਾਨ ਰਹੇ ਕਾਮਰੇਡ ਬੇਬੀ ਨੇ ਕਿਹਾ ਕਿ ਭਾਰਤ ਦੀ ਜਨਵਾਦੀ ਨੌਜਵਾਨ ਸਭਾ ਅਜੌਕੇ ਦੌਰ ਵਿੱਚ ਨੌਜਵਾਨ ਭਾਰਤ ਸਭਾ ਵੱਲੋਂ ਇਕ ਸਦੀ ਪਹਿਲਾਂ ਵਿੱਢੇ ਸੰਘਰਸ਼ ਨੂੰ ਹੀ ਅੱਗੇ ਵਧਾ ਰਹੀ ਹੈ। ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਸੰਘਰਸ਼ ਦਾ ਘੇਰਾ ਹੋਰ ਵਿਸ਼ਾਲ ਕਰਨ ਦੀ ਵਕਾਲਤ ਕੀਤੀ। ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਣ ਸਿੰਘ, ਸ਼ਹੀਦ ਸੁਖਦੇਵ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਸ਼ਹੀਦ ਸੁਖਦੇਵ ਯਾਦਗਾਰੀ ਟਰੱਸਟ ਦੇ ਕੌਮੀ ਪ੍ਰਧਾਨ ਅਸ਼ੋਕ ਥਾਪਰ, ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਕਾਮਰੇਡ ਹਨਨ ਮੁਲ੍ਹਾ ਅਤੇ ਡਾਕਟਰ ਅਸ਼ੋਕ ਧਾਵਲੇ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਭਾਰਤ ਦੀ ਜਨਵਾਦੀ ਨੌਜਵਾਨ ਸਭਾ ਦੇ ਕੌਮੀ ਪ੍ਰਧਾਨ ਏ. ਰਹੀਮ, ਜਨਰਲ ਸਕੱਤਰ ਹਿਮਘਨਰਾਜ ਭੱਟਾਚਾਰੀਆ ਨੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ ਦੀ 46ਵੀਂ ਅਤੇ ਨੌਜਵਾਨ ਭਾਰਤ ਸਭਾ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਨੌਜਵਾਨਾਂ ਨੂੰ ਇਨਕਲਾਬੀ ਵਿਰਸੇ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ। ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਖੱਬੇ-ਪੱਖੀ ਆਗੂਆਂ ਨੇ ਮੁੱਖ ਚੌਕ ਵਿੱਚ ਲੱਗੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਉਪਰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਜਨਵਾਦੀ ਨੌਜਵਾਨ ਸਭਾ ਵੱਲੋਂ ਕਰਵਾਏ ਗਏ ਸ਼ਤਾਬਦੀ ਸਮਾਗਮ ਵਿੱਚ ਸੀ ਪੀ ਆਈ (ਐੱਮ) ਦੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਜਥੇਬੰਦੀ ਦੀ ਪੰਜਾਬ ਇਕਾਈ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਨਾਗੀ, ਜਨਰਲ ਸਕੱਤਰ ਸੁਖਜੀਤ ਸਿੰਘ ਗਰੇਵਾਲ ਅਤੇ ਸਤਨਾਮ ਸਿੰਘ ਵੜੈਚ ਤੋਂ ਇਲਾਵਾ ਕਈ ਹੋਰ ਆਗੂਆਂ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਸੀ ਪੀ ਆਈ (ਐੱਮ) ਦੇ ਸੂਬਾਈ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਾਲੀ ਸਵਾਗਤੀ ਕਮੇਟੀ ਨੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੇ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ।
