ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 13 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨੇੜਲੇ ਪਿੰਡ ਢੋਲਣ ਵਿੱਚ ਸੰਤ ਫ਼ਤਹਿ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਤ ਫ਼ਤਹਿ ਸਿੰਘ ਵੱਲੋਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਕੀਤਾ ਗਿਆ ਸੰਘਰਸ਼ ਸਿੱਖ ਕੌਮ ਲਈ ਅੱਜ ਵੀ ਪ੍ਰੇਰਨਾ ਦਾ ਸੋਮਾ ਹੈ। ਇਸ ਤੋਂ ਅਗਵਾਈ ਲੈ ਕੇ ਪੰਜਾਬ ਨੂੰ ਦਰਪੇਸ਼ ਵਰਤਮਾਨ ਸਮੱਸਿਆਵਾਂ ਦੇ ਹੱਲ ਲਈ ਸਾਰਥਕ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਸੰਤ ਫ਼ਤਹਿ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਘਾਲਣਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸਥਾਰ ’ਚ ਪ੍ਰਕਾਸ਼ਤ ਕਰਕੇ ਸੰਗਤ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਿੱਤਾਂ ਨੂੰ ਕਈ ਪੱਖਾਂ ਤੋਂ ਵੰਗਾਰਾਂ ਮਿਲ ਰਹੀਆਂ ਹਨ, ਜਿਨ੍ਹਾਂ ਬਾਰੇ ਚੇਤੰਨ ਹੋਣਾ ਸਮੇਂ ਦੀ ਵੱਡੀ ਲੋੜ ਹੈ। ਧਰਮ ਪਰਿਵਰਤਨ ਵਰਗੀਆਂ ਚਾਲਾਂ ਤੋਂ ਸੁਚੇਤ ਕਰਦਿਆਂ ਉਨ੍ਹਾਂ ਆਖਿਆ ਕਿ ਸਿੱਖੀ ਦੀ ਚੜ੍ਹਦੀ ਕਲਾ ਲਈ ਨੌਜਵਾਨੀ ਨੂੰ ਆਪਣੇ ਧਰਮ ਤੇ ਇਤਿਹਾਸ ਨਾਲ ਜੋੜਨ ਲਈ ਹਰ ਸਿੱਖ ਯਤਨ ਕਰੇ। ਇਸ ਮੌਕੇ ਉਨ੍ਹਾਂ ਗੁਰਦੁਆਰਾ ਨਾਨਕਸਰ ਢੋਲਣ ਵਿੱਚ ਸੋਲਰ ਸਿਸਟਮ ’ਚ ਸਹਾਇਤਾ ਲਈ ਸਵਾ ਲੱਖ ਰੁਪਏ ਦੀ ਵਿੱਤੀ ਮੱਦਦ ਦਾ ਐਲਾਨ ਕੀਤਾ। ਇਕੱਠ ਨੂੰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੁੱਜੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ ਰਾਹੀਂ ਸੰਗਤ ਨੂੰ ਗੁਰਮਤਿ ਨਾਲ ਜੋੜਿਆ ਅਤੇ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਤ ਫ਼ਤਹਿ ਸਿੰਘ ਦੇ ਸਮਕਾਲੀ ਜਥੇਦਾਰ ਮੱਘਰ ਸਿੰਘ ਅਤੇ ਮਾਸਟਰ ਹਰਬੰਸ ਸਿੰਘ ਅਖਾੜਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਮੈਨੇਜਰ ਜਰਨੈਲ ਸਿੰਘ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਮੌਜੂਦ ਸਨ।