ਐੱਨ ਐੱਚ ਐੱਮ ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਰੱਖਣ ਦਾ ਐਲਾਨ
ਪੰਜਾਬ ਦੇ ਸਿਹਤ ਵਿਭਾਗ ਵਿੱਚ ਪਿਛਲੇ ਲੰਮੇ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਐੱਨ ਐੱਚ ਐੱਮ ਮੁਲਾਜ਼ਮ ਆਪਣੀਆਂ ਮੰਗਾਂ ਸਬੰਧੀ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਦੇ ਹੜਤਾਲ ਉੱਤੇ ਜਾਣ ਨਾਲ ਸਿਹਤ ਵਿਭਾਗ...
ਪੰਜਾਬ ਦੇ ਸਿਹਤ ਵਿਭਾਗ ਵਿੱਚ ਪਿਛਲੇ ਲੰਮੇ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਐੱਨ ਐੱਚ ਐੱਮ ਮੁਲਾਜ਼ਮ ਆਪਣੀਆਂ ਮੰਗਾਂ ਸਬੰਧੀ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਦੇ ਹੜਤਾਲ ਉੱਤੇ ਜਾਣ ਨਾਲ ਸਿਹਤ ਵਿਭਾਗ ਦਾ ਕੰਮ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਆਗੂਆਂ ਦੱਸਿਆ ਕਿ ਐੱਨ ਐੱਚ ਐੱਮ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਸਾਥੀਆਂ ਦੇ ਸਹਿਯੋਗ ਨਾਲ 13 ਅਗਸਤ ਤੋਂ ਲੈ ਕੇ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਸਰਕਾਰ ਅਤੇ ਵਿਭਾਗ ਦੇ ਰਵੱਈਏ ਨੂੰ ਦੇਖਦਿਆਂ ਸੰਘਰਸ਼ ਤਿੱਖਾ ਕਰਨ ਦਾ ਫੈਸਲਾ ਕੀਤਾ ਹੈ। ਆਗੂਆਂ ਕਿਹਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਇਹ ਹੜਤਾਲ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਸ ਹਜ਼ਾਰ ਤਨਖਾਹ ਲੈਣ ਵਾਲਾ ਐੱਨ ਐੱਚ ਐੱਮ ਦਾ ਮੁਲਾਜ਼ਮ ਲੱਖ ਰੁਪਏ ਤਨਖਾਹ ਲੈਣ ਵਾਲੇ ਮੁਲਾਜ਼ਮ ਦੇ ਬਰਾਬਰ ਕੰਮ ਕਰ ਰਿਹਾ ਹੈ। ਉਨ੍ਹਾਂ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੀ ਮੰਗ ਕੀਤੀ ਹੈ।
ਯੂਨੀਅਨ ਦੇ ਅਹੁਦੇਦਾਰਾਂ ਦੱਸਿਆ ਕਿ ਯੂਨੀਅਨ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਬਲਾਕਾਂ ਵਿੱਚ ਅੱਜ ਐੱਨ ਐੱਚ ਐੱਮ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਧਰਨਾ ਦੇ ਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਇਸੇ ਤਰ੍ਹਾਂ 25 ਅਗਸਤ ਨੂੰ ਮੁਲਾਜ਼ਮ ਆਪੋ-ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇੱਕਠੇ ਹੋ ਕੇ ਪ੍ਰਦਰਸ਼ਨ ਕਰਨਗੇ ਜਦਕਿ 26 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਤੋਂ ਲੈ ਕੇ ਆਪਣੇ ਜ਼ਿਲ੍ਹੇ ਦੇ ਕਿਸੇ ਮੁੱਖ ਚੌਂਕ ਤੱਕ ਰੋਸ ਮਾਰਚ ਕਰਕੇ 1 ਘੰਟੇ ਲਈ ਚੌਕ ’ਚ ਸੰਕੇਤਕ ਧਰਨਾ ਦਿੱਤਾ ਜਾਵੇਗਾ। ਆਗੂਆਂ ਦੱਸਿਆ ਕਿ ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਜੋ 27 ਅਗਸਤ ਨੂੰ ਐਮ ਡੀ ਦਫ਼ਤਰ ਚੰਡੀਗੜ੍ਹ ਵਿੱਚ ਰੈਲੀ ਕੀਤੀ ਜਾਣੀ ਸੀ, ਉਹ ਰੱਦ ਕਰਕੇ ਇਸ ਦੇ ਪੰਜਾਬ ਬੰਦ ਨੂੰ ਸੰਪੂਰਨ ਸਮਰਥਨ ਦਿੱਤਾ ਜਾਵੇਗਾ। ਇਸ ਤੋਂ ਬਾਅਦ 28 ਅਗਸਤ ਨੂੰ ਆਪਣੀਆ ਮੰਗਾਂ ਬਾਰੇ ਮੁਲਾਜ਼ਮ ਫਿਰ ਸਿਵਲ ਸਰਜਨ ਦਫ਼ਤਰਾਂ ਵਿੱਚ ਨਾਅਰੇਬਾਜ਼ੀ ਕਰਕੇ ਸੰਘਰਸ ਨੂੰ ਹੋਰ ਤੇਜ ਕਰਨਗੇ। ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਐੱਨ ਐੱਚ ਐੱਮ ਮੁਲਾਜ਼ਮ ਹਾਜ਼ਰ ਸਨ।

