ਖੇਤਰੀ ਪ੍ਰਤੀਨਿਧ
ਲੁਧਿਆਣਾ, 30 ਅਕਤੂਬਰ
ਪੰਜਾਬੀ ਭਾਸ਼ਾ ਦੇ ਵਿਕਾਸ ਲਈ ਤਤਪਰ ਸੰਸਥਾ ‘ਪੰਜਾਬੀ ਭਾਸ਼ਾ ਪਸਾਰ ਭਾਈਚਾਰਾ’ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ ਲੱਗੇ ਕੰਧ ਚਿਤਰਾਂ ’ਤੇ ਪੰਜਾਬੀ ਭਾਸ਼ਾ ਨੂੰ ਬਣਦਾ ਥਾਂ ਨਾ ਦੇਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਭਾਈਚਾਰੇ ਵੱਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪੇ ਗਏ ਹਨ।
ਪੰਜਾਬੀ ਭਾਸ਼ਾ ਭਾਈਚਾਰੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੀਆਂ ਵੱਖ ਵੱਖ ਸੜਕਾਂ, ਚੌਕਾਂ ਅਤੇ ਪੁਲਾਂ ’ਤੇ ਲਾਏ ਦਿਸ਼ਾ-ਨਿਰਦੇਸ਼ਾਂ ਵਾਲੇ ਬੋਰਡਾਂ ’ਤੇ ਵੀ ਹੋਰਨਾਂ ਭਾਸ਼ਾਵਾਂ ਦੇ ਨਾਲ ਨਾਲ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਵਫ਼ਦ ਉੱਚ ਅਧਿਕਾਰੀਆਂ ਨੂੰ ਮਿਲ ਚੁੱਕਾ ਹੈ।
ਹੁਣ ਲੱਕੜ ਪੁਲ ਦੀ ਥਾਂ ਬਣੇ ਨਵੇਂ ਪੁਲ ਦੀਆਂ ਕੰਧਾਂ ’ਤੇ ਬਣੇ ਚਿੱਤਰਾਂ ਨਾਲ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਲਿਖਤ ਲਿਖੀ ਗਈ ਹੈ। ਇਸ ’ਤੇ ਇਤਰਾਜ਼ ਪ੍ਰਗਟਾਉਂਦਿਆਂ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੰਚਾਲਕ ਮਹਿੰਦਰ ਸਿੰਘ ਸੇਖੋਂ ਨੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਹਨ। ਪੱਤਰ ਵਿੱਚ ਸ੍ਰੀ ਸੇਖੋਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ 04-07-2022 ਨੂੰ ਜਾਰੀ ਹੁਕਮ ਨੰ. 6/41/19-2 ਸਿੱ.ਸੈੱਲ/752 ਦਾ ਵੀ ਹਵਾਲਾ ਦਿੱਤਾ ਹੈ ਜਿਸ ਰਾਹੀਂ ਸਾਰੇ ਸਰਕਾਰੀ ਦਫ਼ਤਰਾਂ ਨੂੰ ਅਦਾਰਿਆਂ ਦੇ ਨਾਵਾਂ ਦੇ ਨਾਲ ਨਾਲ ਸਾਰੇ ਸਾਈਨ ਬੋਰਡ ਵੀ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਲਈ ਆਖਿਆ ਗਿਆ ਸੀ।
ਸ੍ਰੀ ਸੇਖੋਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੁਤਾਹੀ ਨੂੰ ਫੌਰਨ ਰੋਕਿਆ ਜਾਵੇ। ਉਨ੍ਹਾਂ ਦੱਸਿਆ ਕਿ ਲੋਧੀ ਕਲੱਬ ਰੋਡ, ਸ਼ੇਰਪੁਰ ਪੁਲ ਸਣੇ ਹੋਰ ਥਾਵਾਂ ’ਤੇ ਵੀ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕੀਤਾ ਗਿਆ ਹੈ।