ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ) ਵੱਲੋਂ ਚੱਲ ਰਹੀ ਹੜਤਾਲ ਅੱਜ 10ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ, ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ, ਜਨਰਲ ਸਕੱਤਰ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਖਜ਼ਾਨਾ ਦਫ਼ਤਰ ਲੁਧਿਆਣਾ ਵਿੱਚ ਮੁਕੰਮਲ ਤੌਰ ਤੇ ਕਲਮ ਛੋੜ/ਕੰਪਿਊਟਰ ਬੰਦ ਕਰਦੇ ਹੋਏ ਹੜਤਾਲ ਕੀਤੀ ਅਤੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਹੜਤਾਲ 26 ਅਕਤੂਬਰ ਤੱਕ ਵਧਾਉਣ ਦਾ ਐਲਾਨ ਵੀ ਕੀਤਾ ਗਿਆ।
ਸੰਜੀਵ ਭਾਰਗਵ ਅਤੇ ਵਧੀਕ ਜਨਰਲ ਸਕੱਤਰ ਅਮਿਤ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਮੁਲਾਜ਼ਮ ਵਿਰੋਧੀ ਰਵੱਈਆ ਅਪਨਾਉਂਦਿਆਂ ਮੰਗਾਂ ਨੂੰ ਦਰਕਿਨਾਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਸਾਰੇ ਵਿਭਾਗਾਂ ਦੇ ਦਫ਼ਤਰੀ ਕਾਮੇ ਪਿਛਲੇ 10 ਦਿਨਾਂ ਤੋਂ ਹੜਤਾਲ ਉਤੇ ਚੱਲ ਰਹੇ ਹਨ ਪਰ ‘ਆਪ’ ਸਰਕਾਰ ਆਪਣੇ ਸੂਬੇ ਵੱਲ ਧਿਆਨ ਦੇਣ ਦੀ ਬਜਾਏ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਖੇ ਹੋਣ ਵਾਲੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ। ਸੂਬੇ ਦੀ ਆਮ ਆਦਮੀ ਪਾਰਟੀ ਨੇ ਵਾਅਦਾ ਖਿਲਾਫੀ ਵਿੱਚ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸੇ ਰੋਸ ਵਜੋਂ ਯੂਨੀਅਨ ਵੱਲੋਂ ਹੁਣ ਹੜਤਾਲ 26 ਅਕਤੂਬਰ ਤੱਕ ਵਧਾ ਦਿੱਤੀ ਹੈ। ਮੁਲਾਜ਼ਮ ਆਗੂ ਸੁਨੀਲ ਕੁਮਾਰ, ਤਜਿੰਦਰ ਸਿੰਘ ਢਿੱਲੋਂ, ਲਖਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਭਗਵੰਤ ਮਾਨ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦ ਤੋਂ ਜਲਦ ਬਹਾਲ, ਪੇਅ ਕਮਿਸ਼ਨ ਦੇ ਅਨੁਸਾਰ ਬਣਦੇ ਬਕਾਏ ਅਤੇ ਪੇਅ ਕਮਿਸ਼ਨ ਦੀਆਂ ਕਮੀਆਂ ਨੂੰ ਦੂਰ ਕਰਕੇ ਸੋਧਿਆ ਹੋਇਆ ਪੇਅ ਕਮਿਸ਼ਨ, ਪਿਛਲੇ ਲੰਮੇ ਸਮੇਂ ਤੋਂ ਬਕਾਇਆ ਪਏ ਪਿਛਲੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ। ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਰੋਸ ਵਿੱਚ ਸੀਪੀਐੱਫ ਜੱਥੇਬੰਦੀ ਵੱਲੋਂ ਹਿਮਾਚਲ ਵਿਖੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ 29 ਅਕਤੂਬਰ ਨੂੰ ਭਰਵੀਂ ਰੈਲੀ ਕਰਕੇ ਸਰਕਾਰ ਦੀ ਪੋਲ ਖੋਲੀ ਜਾਵੇਗੀ। ਰੋਸ ਪ੍ਰਦਰਸ਼ਨ ਨੂੰ ਅਮਨਦੀਪ ਕੌਰ ਪਰਾਸ਼ਰ, ਰਕੇਸ਼ ਘਈ, ਨਿਸ਼ਾਂਤ ਨਰੂਲਾ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੀ.ਐੱਸ. ਦੁੱਗਾ ਅਤੇ ਬਿਮਲਜੀਤ ਕੌਰ ਨੇ ਸੰਬੋਧਨ ਵੀ ਕੀਤਾ।