ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਅਕਤੂਬਰ
ਪਿਛਲੇ ਦਿਨ ਸ਼ੁਰੂ ਹੋਈ ਦਫਤਰੀ ਕਾਮਿਆਂ ਦੀ ਕਲਮ ਛੋੜ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਜ਼ਿਲ੍ਹਾ ਖਜ਼ਾਨਾ ਦਫਤਰ ਅੱਗੇ ਧਰਨਾ ਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਕੀਤੀ ਜਾ ਰਹੀ ਇਹ ਹੜਤਾਲ 15 ਅਕਤੂਬਰ ਤੱਕ ਜਾਰੀ ਰਹੇਗੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਅਤੇ ਜਨਰਲ ਸਕੱਤਰ ਲਖਵੀਰ ਸਿੰਘ ਗਰੇਵਾਲ ਸਮੇਤ ਵਿੱਤ ਸਕੱਤਰ ਸੁਨੀਲ ਕੁਮਾਰ ਨੇ ਦੁਹਰਾਇਆ ਕਿ ਮੌਜੂਦਾ ਸਮੇਂ ਮੁਲਾਜ਼ਮ ਵਰਗ ਸੂਬੇ ਦੀ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਗਿਆ ਹੈ। ਪੀਡਬਲਿਊਡੀ ਦੇ ਸੂਬਾ ਪ੍ਰਧਾਨ ਅਮਿਤ ਅਰੋੜਾ ਨੇ ਕਿਹਾ ਕਿ ਬਦਲਾਅ ਲਿਆਉਣ ਦੇ ਮਕਸਦ ਨਾਲ ‘ਆਪ’ ਸਰਕਾਰ ਨੂੰ ਸੱਤਾ ’ਤੇ ਬਿਠਾ ਕੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਸੀਪੀਐਫ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਭੰਬੁਕ ਅਤੇ ਪੀਐੱਸਐੱਮਐੱਸਯੂ ਜ਼ਿਲ੍ਹਾ ਵਿੱਤ ਸਕੱਤਰ ਸੁਨੀਲ ਕੁਮਾਰ ਨੇ ਕਿਹਾ ਕਿ 1-1-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਸਰਕਾਰ ਉਨ੍ਹਾਂ ਦੇ ਪੈਨਸ਼ਨ ਦੇ ਬੁਨਿਆਦੀ ਹੱਕ ਤੋਂ ਵਾਂਝਾ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਝੂਠੇ ਦਾਅਵੇ ਦਾ ਭਾਂਡਾ ਭੰਨ੍ਹਿਆ ਜਾਵੇਗਾ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ‘ਆਪ’ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਕੀਤੀ ਗਈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਰਾਜਪ੍ਰੀਤ ਕੌਰ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ।