ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 9 ਜਨਵਰੀ
ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਵਿਖੇ ਉਨ੍ਹਾਂ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਉਣ ਉਪਰੰਤ ਇੱਕ ਨਗਰ ਕੀਰਤਨ ਸਜਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ, ਮੈਨੇਜਰ ਸਰਬਦਿਆਲ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤਾ ਤੇ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਇਹ ਨਗਰ ਕੀਰਤਨ ਰਵਾਨਾ ਹੋਇਆ ਅਤੇ ਇਤਿਹਾਸਕ ਗੁਰਦੁਆਰਾ ਚੁਬਾਰਾ ਸਾਹਿਬ ਅਤੇ ਗੁਰਦੁਆਰਾ ਭਾਈ ਗਨੀ ਖਾਂ ਨਬੀ ਖਾਂ ਦੇ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਆ ਕੇ ਹੀ ਸਮਾਪਤ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਥਾਂ ਥਾਂ ’ਤੇ ਜਿੱਥੇ ਸਜਾਵਟੀ ਗੇਟ ਅਤੇ ਲੰਗਰ ਲਗਾਏ ਗਏ। ਇਸ ਤੋਂ ਇਲਾਵਾ ਨਗਰ ਕੀਰਤਨ ’ਚ ਮਾਤਾ ਹਰਦੇਈ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਕੀਰਤਨ ਕੀਤਾ ਗਿਆ।
ਵੱਖ-ਵੱਖ ਥਾਈਂਂ ਗੁਰਮਤਿ ਸਮਾਗਮ ਕਰਵਾਏ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਇਥੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਗੁਰੂਘਰਾਂ ਵਿੱਚ ਰਾਗੀ ਜਥਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਹੋਏ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਰਾਗੀ ਜਥਿਆਂ ਦਾ ਸਨਮਾਨ ਕੀਤਾ। ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹੋਏ ਸਮਾਗਮ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਖਸ਼ਿਸ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾ ਨੇ ਕੀਰਤਨ ਕੀਤਾ। ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਜਥਿਆਂ ਨੂੰ ਸਨਮਾਨਿਤ ਕੀਤਾ। ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੋਂਕ ਵਿੱਖੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਕੁਲਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਕੀਤਾ। ਕਥਾਵਾਚਕ ਮਨਪ੍ਰੀਤ ਸਿੰਘ ਨੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ। ਬਲਵਿੰਦਰ ਸਿੰਘ ਲਾਇਲਪੁਰੀ ਨੇ ਜਥਿਆਂ ਨੂੰ ਸਨਮਾਨਿਤ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਸਮਾਗਮ ਕਰਵਾਇਆ ਗਿਆ।