ਦੇਵਿੰਦਰ ਸਿੰਘ ਜੱਗੀ
ਪਾਇਲ, 16 ਅਗਸਤ
ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਰਧਾਂਜਲੀ ਸਮਾਗਮ ਮੌਕੇ ਅੱਜ ਵੱਖ-ਵੱਖ ਸਿਆਸੀ ਧਿਰਾਂ ਨੇ ਸ਼ਰਧਾਂਜਲੀ ਦਿੱਤੀ ਜਿਸ ਵਿੱਚ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮੁੱਦਾ ਭਾਰੂ ਰਿਹਾ। ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਈਸੜੂ ਵਿੱਚ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
ਪੱਤਰਕਾਰਾਂ ਨਾਲ ਸ਼ਰਾਬ ਮਾਫੀਏ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕਿਸੇ ਸਿਟਿੰਗ ਜੱਜ ਜਾਂ ਸੀਬੀਆਈ ਤੋਂ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅਤੇ ਕੈਪਟਨ ਆਪਸ ਵਿੱਚ ਰਲੇ ਹੋਏ ਹਨ।
ਆਮ ਆਦਮੀ ਪਾਰਟੀ ਵੱਲੋਂ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਸਮੇਤ ਹੋਰ ਆਗੂ ਪੁੱਜੇ। ਭਗਵੰਤ ਮਾਨ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੀਆਂ ਫੈਕਟਰੀਆਂ ਖੰਨਾ ਅਤੇ ਰਾਜਪੁਰਾ ਵਿੱਚ ਪੰਜਾਬ ਦੇ ਵਿਧਾਇਕਾਂ ਦਾ ਨਾਂਅ ਬੋਲਦਾ ਹੈ, ਪਰ ਕੈਪਟਨ ਅਮਰਿੰਦਰ ਸਿੰਘ ਨੇ ਚੁੱਪ ਧਾਰੀ ਹੋਈ ਹੈ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਹੀਦ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਮੰਤਰੀ ਸ੍ਰੀ ਆਸ਼ੂ, ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹੀਦ ਕਰਨੈਲ ਸਿੰਘ ਦੀ ਪਤਨੀ ਚਰਨਜੀਤ ਕੌਰ ਨੂੰ ਸਨਮਾਨਿਤ ਕੀਤਾ।
ਸ੍ਰੀ ਈਸੜੂ ਨੂੰ ਸ਼ਰਧਾਂਜ਼ਲੀ ਭੇਟ ਕਰਨ ਆਏ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਜ਼ਾਦੀ ਦੇ 73 ਸਾਲ ਬੀਤਣ ਉਪਰੰਤ ਵੀ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ ।