ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 3 ਸਤੰਬਰ
ਸਨਅਤੀ ਸ਼ਹਿਰ ਦੇ ਲੁਧਿਆਣਾ-ਫਿਰੋਜ਼ਪੁਰ ਚਾਰ ਮਾਰਗੀ ਹਾਈਵੇਅ ’ਤੇ ਬਣ ਰਹੇ ਐਲੀਵੇਟਿਡ ਰੋਡ ਪ੍ਰਾਜੈਕਟ ਦੀਆਂ ਸਰਵਿਸ ਲੇਨਜ਼ ’ਤੇ ਪਿਆ ਮਲਬਾ ਅੱਜ ਐੱਨਐੱਚਏਆਈ ਨੇ ਸਾਫ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੂੰ ਮਲਬਾ ਚੁਕਵਾਉਣ ਲਈ ਹੁਕਮ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਅੱਜ ਐਨਐਚਏਆਈ ਨੇ 95 ਫੀਸਦੀ ਮਲਬਾ ਸਾਫ਼ ਕਰ ਦਿੱਤਾ ਹੈ।
ਰਾਜ ਸਭਾ ਮੈਂਬਰ ਅਰੋੜਾ ਵੱਲੋਂ 26 ਅਗਸਤ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਨਐੱਚਏਆਈ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਇਸ ਪ੍ਰਕਿਰਿਆ ਨੂੰ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਸੰਸਦ ਮੈਂਬਰ ਅਰੋੜਾ ਨੇ ਕਿਹਾ ਕਿ ਹੁਣ ਸਾਰੀਆਂ ਸਰਵਿਸ ਲੇਨਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਚਾਲੂ ਕਰ ਦਿੱਤਾ ਜਾਵੇਗਾ, ਜਿਸ ਨਾਲ ਫਿਰੋਜ਼ਪੁਰ ਰੋਡ ’ਤੇ ਟਰੈਫਿਕ ਜਾਮ ਦੀ ਸਮੱਸਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਅਥਾਰਟੀ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਚਰਚਾ ਕਰਨ ਲਈ 6 ਸਤੰਬਰ ਨੂੰ ਐੱਨਐੱਚਏਆਈ ਦੇ ਚੇਅਰਮੈਨ ਨੂੰ ਮਿਲਣਗੇ। ਐੱਨਐੱਚਏਆਈ ਦੇ ਪ੍ਰਾਜੈਕਟ ਡਾਇਰੈਕਟਰ ਕ੍ਰਿਸ਼ਨ ਸਚਦੇਵਾ ਨੇ ਭਰੋਸਾ ਦਿੱਤਾ ਕਿ ਉਸਾਰੀ ਅਧੀਨ ਰਹਿੰਦ-ਖੂੰਹਦ ਨੂੰ ਰਾਤ ਦੇ ਸਮੇਂ ਵਿੱਚ ਹਟਾਇਆ ਜਾ ਰਿਹਾ ਹੈ ਤਾਂ ਜੋ ਯਾਤਰੀਆਂ ਨੂੰ ਦਿਨ ਵੇਲੇ ਸਫ਼ਰ ਕਰਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।