ਖੇਤਰੀ ਪ੍ਰਤੀਨਿਧ
ਲੁਧਿਆਣਾ, 29 ਅਗਸਤ
ਪਿਛਲੇ ਲੰਬੇ ਸਮੇਂ ਤੋਂ ਸੂਬੇ ਦੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਮੰਗ ਲੈ ਕੇ ਰੋਸ ਧਰਨੇ ’ਤੇ ਬੈਠੇ ਵਿਦਿਆਰਥੀਆਂ ਦੀ ਅੱਜ ਮੁੱਖ ਮੰਤਰੀ ਵੱਲੋਂ ਕਾਇਮ ਕਮੇਟੀ ਨਾਲ ਪਹਿਲੀ ਮੀਟਿੰਗ ਹੋਈ। ਇਸ ਵਿੱਚ ਖਾਲੀ ਅਸਾਮੀਆਂ ’ਤੇ ਚਰਚਾ ਕੀਤੀ ਗਈ। ਇਨ੍ਹਾਂ ਵਿਦਿਆਰਥੀਆਂ ਵੱਲੋਂ ਰੋਸ ਧਰਨਾ ਖਤਮ ਕਰਨ ਅਤੇ ਅੱਗੇ ਪਾਉਣ ਦਾ ਫੈਸਲਾ ਮੰਗਲਵਾਰ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਲੁਧਿਆਣਾ ਆਉਣ ਤੋਂ ਬਾਅਦ ਹੀ ਲੈਣ ਦਾ ਫੈਸਲਾ ਕੀਤਾ ਗਿਆ। ਰੋਸ ਪ੍ਰਦਰਸ਼ਨੀ ਕਰਦੇ ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿੱਚ ਉੱਚ ਅਧਿਕਾਰੀਆਂ ਨਾਲ ਹੋਈ ਉਕਤ ਮੀਟਿੰਗ ਵਿੱਚ ਕਮੇਟੀ ਨੇ ਇੱਕ ਮਹੀਨੇ ਦੇ ਸਮੇਂ ਵਿੱਚ ਖੇਤੀਬਾੜੀ, ਬਾਗਬਾਨੀ ਅਤੇ ਮੰਡੀਕਰਨ ਵਿਭਾਗਾਂ ਦੇ ਪੁਨਰਗਠਨ ਰਾਹੀਂ ਪ੍ਰਵਾਨਿਤ ਅਸਾਮੀਆਂ ਵਿੱਚ ਵਾਧਾ ਕਰਨ ਲਈ ਸਹਿਮਤੀ ਦਿੱਤੀ ਹੈ। ਇਸ ਵਿੱਚ ਤਹਿ ਹੋਇਆ ਕਿ ਪੀਪੀਐੱਸਸੀ ਬੋਰਡ ਕੋਲ ਐੱਚਡੀਓ ਦੀਆਂ ਕੁੱਲ 111 ਅਸਮੀਆਂ ਨੂੰ ਜਲਦੀ ਹੀ ਸੂਚਿਤ ਕੀਤਾ ਜਾਵੇਗਾ ਅਤੇ ਐੱਸਸੀਓ ਦੀਆਂ 50 ਅਸਾਮੀਆਂ ਲਈ ਵਿਭਾਗ ਵਿੱਚ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਕਮੇਟੀ ਦੀ ਅਗਲੀ ਮੀਟਿੰਗ 29 ਸਤੰਬਰ ਨੂੰ ਹੋਵੇਗੀ। ਦੂਜੇ ਪਾਸੇ ਪੀਏਯੂ ਦੇ ਗੇਟ ਨੰਬਰ ਇੱਕ ਸ਼ਾਂਤਮਈ ਰੋਸ ਧਰਨਾ ਦੇ ਰਹੇ ਵਿਦਿਆਰਥੀ ਆਗੂਆਂ ਦਾ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਖਾਲੀ ਅਸਾਮੀਆਂ ਭਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। 30 ਅਗਸਤ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਨੂੰ ਮਿਲਣ ਆ ਰਹੇ ਹਨ।