ਕਾਂਗਰਸ ਹੀ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲਿਜਾ ਸਕਦੀ ਹੈ: ਵੜਿੰਗ
ਗੁਰਿੰਦਰ ਸਿੰਘ
ਲੁਧਿਆਣਾ, 13 ਜੂਨ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਜਨਤਾ ਨਗਰ ਵਿੱਚ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਦਾ ਨੌਜਵਾਨ ਕਾਂਗਰਸ ਦੀ ਰੀੜ੍ਹ ਦੀ ਹੱਡੀ ਹੈ ਕਿਉਂਕਿ ਨੌਜਵਾਨਾਂ ਦੇ ਕਾਂਗਰਸ ਪਾਰਟੀ ਵਿੱਚ ਆਉਣ ਨਾਲ ਕਾਂਗਰਸ ਅੱਗੇ ਤੋਂ ਵੱਧ ਮਜਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਇਸ ਨਾਲ ਜੁੜ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਦੇਸ਼ ਨੂੰ ਤਰੱਕੀ ਦੀ ਰਾਹ ’ਤੇ ਲੈ ਜਾ ਸਕਦੀ ਹੈ।
ਇਸ ਮੌਕੇ ਸਾਬਕਾ ਵਿਧਾਇਕ ਬੈਂਸ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਵਾਸਤੇ ਦਿਨ ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀ ਵਿਧਾਨ ਸਭਾ ਚੋਣ ਵਿੱਚ ਪੰਜਾਬ ਅੰਦਰ ਮੁੜ ਕਾਂਗਰਸ ਪਾਰਟੀ ਸੱਤਾ ਵਿੱਚ ਆਵੇਗੀ ਅਤੇ ਪੰਜਾਬ ਮੁੜ ਰੰਗਲਾ ਪੰਜਾਬ ਬਣ ਜਾਵੇਗਾ।
ਇਸਤੋਂ ਪਹਿਲਾਂ ਨਵੇਂ ਬਣੇ ਬਲਾਕ ਪ੍ਰਧਾਨ ਤਲਵਿੰਦਰ ਸਿੰਘ ਟੋਨੀ, ਹਰਵਿੰਦਰ ਸਿੰਘ ਕਲੇਰ ਅਤੇ ਬਲਜੀਤ ਸਿੰਘ ਗਿਆਸਪੁਰਾ ਨੇ ਰਾਜਾ ਵੜਿੰਗ ਅਤੇ ਬੈਂਸ ਨੂੰ ਜੀ ਆਇਆਂ ਆਖਿਆ ਅਤੇ ਸਿਰੋਪਾਓ ਭੇਂਟ ਕਰਕੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਤਹਿ ਦਿਲ ਨਾਲ ਨਿਭਾਉਣਗੇ।