ਕਾਂਗਰਸ ’ਚ ਕੜਵਲ ਦੀ ਸ਼ਮੂਲੀਅਤ ਬਾਰੇ ਪਾਰਟੀ ’ਚ ਵਿਰੋਧ
ਗੁਰਿੰਦਰ ਸਿੰਘ
ਲੁਧਿਆਣਾ, 2 ਜੁਲਾਈ
ਕਾਂਗਰਸ ਪਾਰਟੀ ਵਿੱਚ ਗੁੱਟਬੰਦੀ ਰੁਕਣ ਦੀ ਥਾਂ ਲਗਾਤਾਰ ਵੱਧ ਰਹੀ ਹੈ ਤੇ ਹੁਣ ਪਾਰਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਸਮੇਤ ਕੁੱਝ ਸੀਨੀਅਰ ਆਗੂਆਂ ਵੱਲੋਂ ਕਮਲਜੀਤ ਸਿੰਘ ਕੜਵਲ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਨਾਲ ਪਾਰਟੀ ਅੰਦਰ ਕਾਟੋ ਕਲੇਸ਼ ਵੱਧ ਗਿਆ ਹੈ।
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਵਿੱਚ ਸ਼ਾਮਲ ਕੀਤੇ ਕਮਲਜੀਤ ਸਿੰਘ ਕੜਵਲ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਆਪਸੀ ਗੁੱਟਬਾਜ਼ੀ ਮੁੜ ਚਰਚਾ ਵਿੱਚ ਹੈ। ਰਾਜਾ ਵੜਿੰਗ ਵੱਲੋਂ ਕਮਲਜੀਤ ਸਿੰਘ ਕੜਵਲ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਨ ਦਾ ਪਹਿਲਾਂ ਵੀ ਵਿਰੋਧ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਸਾਰਾ ਮਾਮਲਾ ਕਾਂਗਰਸ ਹਾਈ ਕਮਾਂਡ ਅੱਗੇ ਰੱਖਿਆ ਹੈ। ਉਹ ਕਹਿ ਰਹੇ ਹਨ ਕਿ ਲੋਕ ਸਭਾ ਚੋਣਾਂ ਦੌਰਾਨ ਕਮਲਜੀਤ ਸਿੰਘ ਕੜਵਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਦਾ ਡੱਟਕੇ ਵਿਰੋਧ ਕੀਤਾ ਸੀ। ਇਸ ਲਈ ਉਹ ਕੜਵਲ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਦਾ ਸਿੱਧਾ ਵਿਰੋਧ ਕਰ ਰਹੇ ਹਨ।
ਇਸ ਦੌਰਾਨ ਰਾਜਾ ਵੜਿੰਗ ਦੇ ਨੇੜਲੇ ਸੂਤਰ ਦਾਅਵੇ ਨਾਲ ਕਹਿ ਰਹੇ ਹਨ ਕਿ ਕਾਂਗਰਸ ਹਾਈ ਕਮਾਂਡ ਨੇ ਕਮਲਜੀਤ ਸਿੰਘ ਕੜਵਲ ਦੀ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਰੱਦ ਕਰ ਦਿੱਤੀ ਹੈ ਪਰ ਦੂਜੇ ਪਾਸੇ ਕੜਵਲ ਸਮੇਤ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਵਾਲੇ ਆਗੂ ਇਨ੍ਹਾਂ ਖ਼ਬਰਾਂ ਨੂੰ ਮਨਘੜ੍ਹਤ ਦੱਸ ਰਹੇ ਹਨ।
ਇਥੇ ਜ਼ਿਕਰਯੋਗ ਹੈ ਕਿ ਹਲਕਾ ਪੱਛਮੀ ਦੀ ਜਿਮਨੀ ਚੋਣ ਵਿੱਚ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਕਮਲਜੀਤ ਸਿੰਘ ਕੜਵਲ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸੀ। ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਮਲਜੀਤ ਸਿੰਘ ਕੜਵਾ ਅਤੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਪੂਰਾ ਮਾਣ ਸਨਮਾਨ ਦੇਣ ਦਾ ਐਲਾਨ ਕੀਤਾ ਸੀ।
ਕਮਲਜੀਤ ਸਿੰਘ ਕੜਵਲ ਦੀ ਪਾਰਟੀ ਵਿੱਚ ਸ਼ਮੂਲੀਅਤ ਨੂੰ ਲੈ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੱਟੜ ਸਮਰਥਕ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਪਾਰਟੀ ਵਿਰੋਧੀ ਕਾਰਵਾਈ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੀ ਮਨਜ਼ੂਰੀ ਤੋਂ ਬਿਨਾਂ ਕੜਵਲ ਨੂੰ ਪਾਰਟੀ ਵਿੱਚ ਸ਼ਾਮਿਲ ਨਹੀਂ ਕੀਤਾ ਜਾ ਸਕਦਾ ਪਰ ਉਸ ਵਕਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਭੂਸ਼ਣ ਆਸ਼ੂ ਦੇ ਪ੍ਰਦੇਸ਼ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਹੋਣ ਨਾਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਦਾ ਪੂਰਾ ਹੱਕ ਦੱਸ ਕੇ ਬੈਂਸ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ।
ਇਸ ਸਬੰਧੀ ਅੱਜ ਜਦੋਂ ਕਮਲਜੀਤ ਸਿੰਘ ਕੜਵਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਰੋਕਣ ਸਬੰਧੀ ਹੁਣ ਤੱਕ ਉਨ੍ਹਾਂ ਨੂੰ ਕੋਈ ਵੀ ਸੰਕੇਤ ਜਾਂ ਆਰਡਰ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਿਪਾਹੀ ਹਨ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਪਾਰਟੀ ਵਿੱਚ ਆਪਣੀ ਅਹਿਮੀਅਤ ਘੱਟ ਜਾਣ ਦੇ ਖ਼ਤਰੇ ਨੂੰ ਵੇਖਦਿਆਂ ਉਨ੍ਹਾਂ ਦੀ ਵਿਰੋਧਤਾ ਕਰ ਰਹੇ ਹਨ ਜਿਹੜੇ ਕਿ ਆਪ ਹਾਲੇ ਕੁੱਝ ਸਮਾਂ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।
ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਕਮਲਜੀਤ ਸਿੰਘ ਕੜਵਲ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਕਾਂਗਰਸ ਵਿੱਚ ਸ਼ਾਮਿਲ ਕੀਤਾ ਹੈ। ਇਸ ਲਈ ਉਨ੍ਹਾਂ ਦੀ ਸ਼ਮੂਲੀਅਤ ਰੱਦ ਕਰਨ ਦੀ ਕੋਈ ਵੀ ਤੁੱਕ ਨਹੀਂ ਬਣਦੀ। ਸੀਨੀਅਰ ਕਾਂਗਰਸੀ ਆਗੂ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕਮਲਜੀਤ ਸਿੰਘ ਕੜਵਲ ਦੀ ਪਾਰਟੀ ਵਿੱਚ ਸ਼ਮੂਲੀਅਤ ਉਪਰ ਕੋਈ ਰੋਕ ਨਹੀਂ ਲੱਗੀ।