Land Pooling Policy ਦਾ ਵਿਰੋਧ
ਭਾਰਤੀ ਕਿਸਾਨ ਯੂਨੀਅਨ (ਬੀ ਕੇ ਯੂ) ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਨੀਤੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਮੁੱਢੋਂ ਹੀ ਰੱਦ ਕਰ...
ਭਾਰਤੀ ਕਿਸਾਨ ਯੂਨੀਅਨ (ਬੀ ਕੇ ਯੂ) ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਨੀਤੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਮੁੱਢੋਂ ਹੀ ਰੱਦ ਕਰ ਦਿੱਤਾ ਹੈ ਅਤੇ ਸਰਕਾਰ ਪਾਸੋਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀਯੋਗ ਜ਼ਮੀਨ ਦੇ ਲਗਾਤਾਰ ਘਟਦੇ ਰਕਬੇ, ਧਰਤੀ ਹੇਠਲੇ ਪਾਣੀ ਦੇ ਗੰਭੀਰ ਸੰਕਟ ਅਤੇ ਕਿਸਾਨੀ ਦੀਆਂ ਦਿਨੋਂ-ਦਿਨ ਵੱਧ ਰਹੀਆਂ ਆਰਥਿਕ ਮੁਸ਼ਕਲਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨਾਜ਼ੁਕ ਸਮੇਂ ਵਿੱਚ ਸੂਬੇ ਦੀ ਬੇਹੱਦ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਅਤੇ ਵਪਾਰਕ ਪ੍ਰਾਜੈਕਟਾਂ ਲਈ ਵਰਤਣਾ ਪੰਜਾਬ ਦੇ ਖੇਤੀਬਾੜੀ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਲੱਖੋਵਾਲ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਅਜਿਹੀ ਕੋਈ ਵੀ ਫ਼ਾਲਤੂ ਜ਼ਮੀਨ ਨਹੀਂ ਹੈ ਜੋ ਸਰਕਾਰ ਨੂੰ ਸੌਂਪੀ ਜਾ ਸਕੇ। ਇਹ ਜ਼ਮੀਨਾਂ ਕਿਸਾਨਾਂ ਦੀ ਰੋਜ਼ੀ-ਰੋਟੀ, ਸੂਬੇ ਦੀ ਆਰਥਿਕਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਦਾ ਇੱਕੋ-ਇੱਕ ਆਧਾਰ ਹਨ।
ਉਨ੍ਹਾਂ ਸਰਕਾਰ ’ਤੇ ਸਿਆਸੀ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਪੰਜਾਬ ਦੇ ਸਰੋਤਾਂ ਅਤੇ ਧਨ ਨੂੰ ਦਿੱਲੀ ਦੇ ਹਿੱਤਾਂ ਲਈ ਵਰਤਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਲੈਂਡ ਪੂਲਿੰਗ ਨੀਤੀ ਫੌਰੀ ਵਾਪਸ ਨਾ ਲਈ ਤਾਂ ਸੰਘਰਸ਼ ਵਿੱਢਿਆ ਜਾਵੇਗਾ।
