ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 13 ਸਤੰਬਰ
ਕਸਬਾ ਹੰਬੜਾਂ ਲਾਗੇ ਪਿੰਡ ਰਸੂਲਪੁਰ ਪੱਤੀ ਵਿੱਚ ਮਰੇ ਪਸ਼ੂਆਂ ਦੀ ਸੰਭਾਲ ਲਈ ਲੱਗਣ ਵਾਲੇ ਕਾਰਖ਼ਾਨੇ ਵਿਰੁੱਧ ਚੱਲ ਰਹੇ ਲੜੀਵਾਰ ਧਰਨੇ ਵਿੱਚ ਪੁੱਜੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਸੰਬੋਧਨ ਕਰਦਿਆਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਮਰੇ ਪਸ਼ੂਆਂ ਦੀ ਬਦਬੂ ਕਾਰਨ ਪਾਣੀ ਅਤੇ ਵਾਤਾਵਰਨ ਦੂਸ਼ਿਤ ਹੋਵੇਗਾ ਅਤੇ ਉਨ੍ਹਾਂ ਭਿਆਨਕ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਪ੍ਰਗਟ ਕੀਤਾ ਹੈ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਇਲਾਕੇ ਦੇ ਲੋਕ ਤਾਂ ਪਹਿਲਾਂ ਹੀ ਗੰਦੇ ਨਾਲੇ ਦੇ ਦੂਸ਼ਿਤ ਪਾਣੀ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਧਨੇਰ ਨੇ ਕਿਹਾ ਕਿ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਭਾਅ ਹੋਰ ਹੇਠਾਂ ਡਿੱਗ ਜਾਣਗੇ। ਕਿਸਾਨ ਆਗੂ ਸੁਖਵਿੰਦਰ ਸਿੰਘ ਮਾਂਗਟ ਸਮੇਤ ਹੋਰ ਸਿਰਕੱਢ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ। ਧਰਨੇ ਵਿੱਚ ਹੰਬੜਾਂ ਬਲਾਕ ਦੇ ਪਿੰਡਾਂ ਦੀਆਂ ਇਕਾਈਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਤੋਂ ਇਲਾਵਾ ਇਲਾਕੇ ਦੇ ਪੰਚ ਸਰਪੰਚ ਅਤੇ ਮੋਹਤਬਰ ਲੋਕਾਂ ਨੇ ਵੀ ਹਿੱਸਾ ਲਿਆ।