ਰਾਏਕੋਟ ਨੂੰ ਮਾਲੇਰਕੋਟਲਾ ਜ਼ਿਲ੍ਹੇ ’ਚ ਜੋੜਨ ਦੀ ਤਜਵੀਜ਼ ਦਾ ਵਿਰੋਧ
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਅੰਤਿਮ ਦਿਨਾਂ ਵਿੱਚ 2 ਜੂਨ 2021 ਨੂੰ ਸਥਾਪਿਤ ਕੀਤੇ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਹੱਦਾਂ ਦਾ ਘੇਰਾ ਵਧਾਉਣ ਦੀ ਤਜਵੀਜ਼ ਤੋਂ ਬਾਅਦ ਰਾਏਕੋਟ ਤਹਿਸੀਲ ਨੂੰ ਨਵੇਂ ਜ਼ਿਲ੍ਹੇ ਮਾਲੇਰਕੋਟਲਾ ਨਾਲ ਜੋੜਨ ਦੀਆਂ ਕਨਸੋਆਂ ਕਾਰਨ ਸ਼ਹਿਰ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਵਿੱਚ ਬੁਲਾਈ ਗਈ ਵੱਖ-ਵੱਖ ਪਾਰਟੀਆਂ ਦੀ ਮੀਟਿੰਗ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬ), ਭਾਜਪਾ ਅਤੇ ਕਾਂਗਰਸ ਦੇ ਆਗੂਆਂ ਤੋਂ ਇਲਾਵਾ ਕੁਝ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਪ੍ਰਸਤਾਵ ਰਾਹੀਂ ਇਸ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸੁਦਰਸ਼ਨ ਜੋਸ਼ੀ, ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਭਾਜਪਾ ਆਗੂ ਕਪਿਲ ਗਰਗ, ਪਰਮਜੀਤ ਸਿੰਘ ਟੂਸਾ, ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਹਰਚੰਦ ਸਿੰਘ ਬੜੂੰਦੀ, ਆਮ ਆਦਮੀ ਪਾਰਟੀ ਦੇ ਆਗੂ ਜਗਤਾਰ ਸਿੰਘ ਤਾਰਾ ਤਲਵੰਡੀ, ਵਪਾਰੀਆਂ ਦੀ ਜਥੇਬੰਦੀ ਦੇ ਆਗੂ ਪ੍ਰਵੀਨ ਅਗਰਵਾਲ ਨੇ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਇਸ ਇਤਿਹਾਸਕ ਤਹਿਸੀਲ ਨੂੰ ਮਾਲੇਰਕੋਟਲਾ ਜ਼ਿਲ੍ਹੇ ਨਾਲ ਜੋੜਨ ਵਿਰੁੱਧ ਸਰਕਾਰ ਨੂੰ ਚਿਤਾਵਨੀ ਦਿੱਤੀ। ਇਸ ਤਜਵੀਜ਼ ਵਿਰੁੱਧ ‘ਸਾਡਾ ਜ਼ਿਲ੍ਹਾ ਲੁਧਿਆਣਾ’ ਮੁਹਿੰਮ ਚਲਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਇਸ ਤਜਵੀਜ਼ ਨਾਲ ਗ਼ਰੀਬ ਲੋਕਾਂ ਨੂੰ ਜਿੱਥੇ ਆਪਣੇ ਸ਼ਨਾਖ਼ਤੀ ਦਸਤਾਵੇਜ਼ ਦਰੁਸਤ ਕਰਾਉਣ ਲਈ ਨਵੇਂ ਝਮੇਲਿਆਂ ਦਾ ਸਾਹਮਣਾ ਕਰਨਾ ਪਵੇਗਾ, ਉੱਥੇ ਇਲਾਕੇ ਦੀਆਂ ਜਾਇਦਾਦਾਂ ਦੇ ਭਾਅ ਸਮੇਤ ਵਪਾਰਕ ਪੱਖ ਤੋਂ ਵੀ ਨੁਕਸਾਨ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ।