ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 15 ਜਨਵਰੀ
ਪ੍ਰਸ਼ਾਸਨ ਨੇ ਇਲਾਕੇ ਦੇ ਸਮੂਹ ਪ੍ਰਿਟਿੰਗ ਪ੍ਰੈੱਸ ਮਾਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਕੋਈ ਇਸ ਤਰ੍ਹਾਂ ਦੀ ਸਮੱਗਰੀ ਨਾ ਛਾਪਣ ਜਿਸ ਨਾਲ ਨਫ਼ਰਤ ਜਾਂ ਹਿੰਸਾ ਪੈਦਾ ਹੋਣ ਦਾ ਖਦਸ਼ਾ ਹੋਵੇ। ਇਸ ਸਬੰਧ ਵਿੱਚ ਜਿਸ ਵੀ ਵਿਅਕਤੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆ ਵੱਲੋਂ ਮਿਲੇ ਹੁਕਮਾਂ ਦੇ ਵੇਰਵੇ ਨਾਲ ਐੱਸਡੀਐੱਮ ਅਹਿਮਦਗੜ੍ਹ ਹਰਬੰਸ ਸਿੰਘ ਨੇ ਸਮੂਹ ਛਾਪਾਖਾਨਾ ਮਾਲਕਾਂ ਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ, ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਂ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖ਼ਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਤੁਰੰਤ ਦੇਣੀ ਲਾਜ਼ਮੀ ਹੋਵੇਗੀ। ਸ੍ਰੀ ਹਰਬੰਸ ਸਿੰਘ ਨੇ ਕਿਹਾ ਕਿ ਜਿਹੜੀ ਵੀ ਪ੍ਰਿਟਿੰਗ ਪ੍ਰੈੱਸ ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫ਼ਲਿਟ, ਕਿਤਾਬਚੇ ਉਪਰ ਆਪਣੀ ਪ੍ਰੈੱਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਬਿਨਾਂ ਪ੍ਰਵਾਨਗੀ ਤੋਂ ਹੋਰਡਿੰਗਜ਼, ਬੈਨਰਜ਼, ਪੋਸਟਰਜ਼ ਲਗਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।