ਸੰਤੋਖ ਗਿੱਲ
ਗੁਰੂਸਰ ਸੁਧਾਰ, 4 ਜਨਵਰੀ
ਕਸਬਾ ਮੁੱਲਾਂਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ, ਮੁਹੱਲਿਆਂ ਅਤੇ ਚੌਕਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਚ ਸਮਾਪਤ ਹੋਇਆ। ਇਸ ਦੌਰਾਨ ਸੰਗਤਾਂ ਵੱਲੋਂ ਥਾਂ-ਥਾਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ। ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵੱਖ-ਵੱਖ ਥਾਵਾਂ ਉੱਪਰ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।