ਪੱਤਰ ਪ੍ਰੇਰਕ
ਮਾਛੀਵਾੜਾ, 7 ਮਾਰਚ
ਪੰਜਾਬ ਦੇ ਬੈਲ ਦੌੜਾਕਾਂ ਦੀ ਮੀਟਿੰਗ ਪ੍ਰਧਾਨ ਜਸਵੀਰ ਸਿੰਘ ਬਿੱਟੂ ਕੂੰਮਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬੈਲ ਦੌੜਾਕਾਂ ਦੇ ਹੱਕ ਵਿਚ ਫੈਸਲਾ ਦਿੱਤਾ ਜਾ ਚੁੱਕਾ ਹੈ। ਪਰ ਦੂਜੀ ਧਿਰ ਵੱਲੋਂ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਇਹ ਮਾਮਲਾ ਸਰਕਾਰਾਂ ਨੂੰ ਦੇਖਣ ਲਈ ਕਿਹਾ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਬੈਲ ਗੱਡੀਆਂ ਦੇ ਦੌੜਾਕਾਂ ਦੇ ਹੱਕ ਵਿਚ ਬਿੱਲ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ।
ਪ੍ਰਧਾਨ ਬਿੱਟੂ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਮੁੰਬਈ ਤੋਂ ਆਈ ਇੱਕ ਈਮੇਲ ਦਾ ਡਰਾਵਾ ਦੇ ਖੇਡ ਨੂੰ ਰੋਕ ਦਿੱਤਾ ਜਾਂਦਾ ਹੈ। ਇਸ ਸਮੇਂ ਬੈਲ ਦੌੜਾਕਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਤਾਂ ਉਹ ਖ਼ੁਦਕੁਸ਼ੀ ਵੀ ਕਰ ਸਕਦੇ ਹਨ ਜਿਸ ਦੀ ਜ਼ਿੰਮੇਵਾਰੀ ਸਬੰਧਿਤ ਦੌੜਾਂ ਨੂੰ ਰੋਕਣ ਵਾਲੇ ਅਧਿਕਾਰੀਆਂ ਦੀ ਹੋਵੇਗੀ।