ਬਿਜਲੀ ਬੋਰਡ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਪੀ ਐੱਸ ਪੀ ਸੀ ਐੱਲ ਪ੍ਰਸ਼ਾਸਨ, ਪਾਵਰਕੌਮ ਟਰਾਂਸਕੋ ਆਊਟਸੋਰਸਡ ਵਰਕਰ ਯੂਨੀਅਨ, ਸਾਂਝੀ ਥਰਮਲ ਕੰਟਰੈਕਟ ਵਰਕਰ ਸੰਘਰਸ਼ ਕਮੇਟੀ ਅਤੇ ਆਊਟਸੋਰਸ ਐਂਪਲਾਈਜ਼ ਫੈਡਰੇਸ਼ਨ ਵੱਲੋਂ ਸਾਂਝੇ ਤੌਰ ’ਤੇ ਆਪਣੀਆਂ ਹੱਕੀ ਮੰਗਾਂ ਲਈ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਨੂੰ ਖ਼ਤਮ ਕਰ ਕੇ ਵਰਕਰਾਂ ਨੂੰ ਸਿੱਧੇ ਤੌਰ ’ਤੇ ਪੀ ਐੱਸ ਪੀ ਸੀ ਐੱਲ/ ਪੀ ਐੱਸ ਟੀ ਸੀ ਐੱਲ ਵਿੱਚ ਯੋਗਤਾ ਅਨੁਸਾਰ ਰੱਖਿਆ ਜਾਵੇ, ਆਊਟਸੋਰਸ ਕਾਮਿਆਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਅਪਰੈਲ 2025 ਤੋਂ ਘੱਟੋ-ਘੱਟ ਉਜਰਤਾਂ ਵਿੱਚ 10 ਫ਼ੀਸਦੀ ਵਾਧਾ ਲਾਗੂ ਹੋਵੇ ਅਤੇ ਕੱਟੀਆਂ ਤਨਖਾਹਾਂ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਇਸ ਮੌਕੇ ਕੁਲਜੀਤ ਸਿੰਘ ਲੋਹਕਾ, ਤਰਨਜੀਤ ਸਿੰਘ, ਤਰਨਦੀਪ ਸਿੰਘ ਵਿਰਦੀ, ਵਿਸ਼ਾਲ ਸ਼ਰਮਾ, ਅਮਨਦੀਪ ਸਿੰਘ, ਪਵਨਦੀਪ ਸਿੰਘ, ਅਸ਼ਵਨੀ ਕੁਮਾਰ, ਉਪਾਸਨਾ ਸੈਣੀ, ਅਮਨਦੀਪ ਕੌਰ ਭੁੱਲਰ, ਸੰਦੀਪ ਕੌਰ, ਜਸਵਿੰਦਰ ਕੌਰ, ਕੋਮਲ ਅਤੇ ਗੁਰਨੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

