ਪੱਤਰ ਪ੍ਰੇਰਕ
ਸਮਰਾਲਾ, 13 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਐਗਜੈਟਿਵ ਮੈਂਬਰ, ਬਲਾਕ ਦੇ ਪ੍ਰਧਾਨ ਅਤੇ ਲੁਧਿਆਣਾ ਜ਼ਿਲ੍ਹੇ ਦੇ ਕਿਸਾਨ ਮਜ਼ਦੂਰ ਸ਼ਾਮਲ ਹੋਏ। ਮੀਟਿੰਗ ਵਿੱਚ ਕਿਸਾਨੀ ਮੁੱਦਿਆਂ ਉੱਤੇ ਵਿਚਾਰਾਂ ਕੀਤੀਆਂ ਗਈਆਂ।
ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਲੋੜੀਂਦੀ 80 ਫ਼ੀਸਦੀ ਮਸ਼ੀਨਰੀ ਦੇਣ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਜਾਂ ਫਰਦ ਵਿੱਚ ਲਾਲ ਦਾਖ਼ਲਾ ਪਾਉਣ ’ਤੇ ਜਥੇਬੰਦੀ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸਾਂ, ਜਿਨ੍ਹਾਂ ਦੀ ਅਦਾਲਤਾਂ ਵਿੱਚ ਸੁਣਵਾਈ ਚੱਲ ਰਹੀ ਹੈ, ਨੂੰ ਤੁਰੰਤ ਵਾਪਸ ਲਿਆ ਜਾਵੇ। ਆਗੂ ਨੇ ਕਿਹਾ ਕਿ ਜਥੇਬੰਦੀ ਵੱਲੋਂ ਸੂਬੇ ਭਰ ਵਿੱਚ 18 ਅਕਤੂਬਰ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੋਂ ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਲਈ ਇੱਕ ਲੱਖ ਰੁਪਏ ਅਤੇ ਬਿਮਾਰੀ ਪਸ਼ੂਆਂ ਲਈ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਮੰਗਿਆ।