ਪੱਤਰ ਪ੍ਰੇਰਕ
ਸਮਰਾਲਾ, 12 ਫਰਵਰੀ
ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਪਿੰਡ ਕੋਟਲਾ ਭੜੀ ’ਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ’ਤੇ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਤਹਿਤ ਸਸਤੀ ਬਿਜਲੀ ਤੇ ਰੁਜ਼ਗਾਰ ਦੇ ਪ੍ਰਬੰਧ ਕੀਤੇ ਜਾਣਗੇ। ਵਿਰੋਧੀ ਪਾਰਟੀਆਂ ਬਾਰੇ ਸ੍ਰੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ, ਸਮਾਜ ਮੋਰਚਾ ਤੇ ‘ਆਪ’ ਲੋਕਾਂ ਦਾ ਭਰੋਸਾ ਜਿੱਤ ਕੇ ਸਿਰਫ਼ ਵੋਟਾਂ ਬਟੋਰਨ ਲਈ ਝੂਠੇ ਵਾਅਦੇ ਤੇ ਝੂਠੀਆਂ ਗਰੰਟੀਆਂ ਕਰ ਰਹੀਆਂ ਹਨ।
ਇਸੇ ਦੌਰਾਨ ਪਿੰਡ ਉਟਾਲਾਂ ’ਚ ਵਰਕਰਾਂ ਵੱਲੋਂ ਘਰੋ-ਘਰੀ ਕੀਤੇ ਪ੍ਰਚਾਰ ਮੌਕੇ ਪਿੰਡ ਵਾਸੀਆਂ ਵੱਲੋਂ ਹਮਾਇਤ ਦਿੱਤੀ ਗਈ। ਪਿੰਡ ਉਟਾਲਾਂ ਦੀ ਪੰਚ ਰਣਜੀਤ ਕੌਰ, ਰਾਮ ਸਿੰਘ, ਸਾਬਕਾ ਸਰਪੰਚ ਬੱਬੀ ਸਿੰਘ, ਅਮਰਜੀਤ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਉਹ ਢਿੱਲੋਂ ਦੇ ਹੱਕ ’ਚ ਖੜ੍ਹਨਗੇ। ਪਰਮਜੀਤ ਢਿੱਲੋਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਜਿੱਤਣ ਤੋਂ ਬਾਅਦ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕਰਵਾਉਣਗੇ। ਇਸ ਮੌਕੇ ਉਨਾਂ ਦੇ ਨਾਲ ਮਨਦੀਪ ਸਿੰਘ ਚੋਪੜਾ ਤੇ ਹੋਰ ਪਿੰਡ ਵਾਸੀ ਵੀ ਵੱਡੀ ਗਿਣਤੀ ‘ਚ ਹਾਜ਼ਰ ਸਨ।