ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵੱਲੋਂ ਧੁੱਸੀ ਬੰਨ੍ਹ ਦਾ ਦੌਰਾ
ਸਬ-ਡਵੀਜ਼ਨਲ ਮੈਜਿਸਟਰੇਟ (ਐੱਸਡੀਐੱਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਦੇ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫ਼ੌਜ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨਡੀਆਰਐੱਫ), ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ), ਡਰੇਨੇਜ਼ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇੱਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ।
ਕਮਿਸ਼ਨਰ ਬੁਬਲਾਨੀ ਨੇ ਬੰਨ੍ਹ ਦੀ ਪ੍ਰਗਤੀ ਦਾ ਨੇੜਿਓਂ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੜ੍ਹ ਘਟਾਉਣ ਦੇ ਉਪਾਵਾਂ ਦਾ ਸਮਰਥਨ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਨਿਰਵਿਘਨ ਤਾਲਮੇਲ ਲਈ ਸਾਰਿਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।
ਆਪਣੇ ਦੌਰੇ ਦੌਰਾਨ ਬੁਬਲਾਨੀ ਨੇ ਬੰਨ੍ਹ ਨੇੜੇ ਫ਼ਸਲਾਂ ਨੂੰ ਹੋਏ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਮਾਲ, ਜੰਗਲਾਤ ਅਤੇ ਡਰੇਨੇਜ਼ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਅਧਿਕਾਰੀਆਂ ਨੇ ਇਸ ਦੇ ਪ੍ਰਭਾਵ ਅਤੇ ਇਸ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਉਪਾਵਾਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ।
ਐੱਸਡੀਐੱਮ ਜਸਲੀਨ ਕੌਰ ਭੁੱਲਰ ਨੇ ਕਮਿਸ਼ਨਰ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਸਸਰਾਲੀ ਕਲੋਨੀ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਸਾਰੇ ਹਿੱਸੇਦਾਰਾਂ ਦੇ ਸਹਿਯੋਗੀ ਯਤਨ ਖੇਤਰ ਨੂੰ ਸਥਿਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਰਹੇ ਹਨ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਅਫਵਾਹਾਂ ਫੈਲਾਉਣ ਤੋਂ ਪਰਹੇਜ਼ ਕਰਨ, ਜੋ ਬੇਲੋੜੀ ਘਬਰਾਹਟ ਪੈਦਾ ਕਰ ਸਕਦੀਆਂ ਹਨ ਅਤੇ ਚੱਲ ਰਹੇ ਰਾਹਤ ਕਾਰਜਾਂ ਵਿੱਚ ਰੁਕਾਵਟ ਪਾ ਸਕਦੀਆਂ ਹਨ।